ਜਲੰਧਰ ‘ਚ ਇਕ ਨੌਜਵਾਨ ਦੀ ਛਾਤੀ ‘ਚ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬੀਤੇ ਐਤਵਾਰ ਸਵੇਰੇ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਅਜੇ ਤੱਕ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ, ਜਿਸ ਕਰਕੇ ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਮੁਰਦਾਘਰ ‘ਚ ਰੱਖਣ ਦਾ ਫੈਸਲਾ ਕੀਤਾ ਹੈ।
ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਲਾਸ਼ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ ਹੈ ਅਤੇ ਨਾ ਹੀ ਅਜੇ ਤੱਕ ਕਿਸੇ ਨੇ ਮ੍ਰਿਤਕ ਦੀ ਪਛਾਣ ਕੀਤੀ ਹੈ। ਲਾਸ਼ ਕੋਲੋਂ ਇਕ ਚਾਕੂ ਬਰਾਮਦ ਹੋਇਆ ਹੈ, ਜਿਸ ਨੂੰ ਜ਼ਬਤ ਕਰਕੇ ਜਾਂਚ ਲਈ ਭੇਜ ਦਿੱਤਾ ਗਿਆ ਹੈ। ਛਾਤੀ ‘ਤੇ ਜ਼ਖਮਾਂ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਵਿਅਕਤੀ ਦੀ ਮੌਤ ਚਾਕੂ ਦੇ ਹਮਲੇ ਕਰਕੇ ਹੋਈ ਹੈ।ਇੰਸਪੈਕਟਰ ਜਗਦੀਸ਼ ਰਾਜ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 35 ਸਾਲ ਦੇ ਕਰੀਬ ਦੱਸੀ ਜਾਂਦੀ ਹੈ। ਮ੍ਰਿਤਕ ਪ੍ਰਵਾਸੀ ਮਜ਼ਦੂਰ ਲੱਗਦਾ ਹੈ।
ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਜਾਣਕਾਰੀ ਸਾਹਮਣੇ ਆਵੇਗੀ ਉਸ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।