ਚੰਡੀਗੜ੍ਹ – ਅੱਜ 19 ਮਾਰਚ ਦਿਨ ਸ਼ਨੀਵਾਰ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਮ ਆਦਮੀ ਪਾਰਟੀ (ਆਪ) ਪਾਰਟੀ ਦੀ ਸਰਕਾਰ ਵਿੱਚ ਸ਼ਾਮਲ ਕੀਤੇ ਗਏ। ਕੁੱਲ 10 ਕੈਬਨਿਟ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਸ ਤੋਂ ਪਹਿਲਾਂ 16 ਮਾਰਚ ਬੁੱਧਵਾਰ ਨੂੰ ਸ਼ਹੀਦ ਭਗਤ ਸਿੰਘ ਦੀ ਜਨਮ ਭੂਮੀ ਨਵਾਂਸ਼ਹਿਰ ਦੇ ਖਟਕੜ ਕਲਾਂ ਵਿਖੇ ਰਾਜਪਾਲ ਵੱਲੋਂ ਭਗਵੰਤ ਮਾਨ ਨੂੰ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁਕਾਈ ਗਈ ਸੀ। ਉਦੋਂ ਮਾਨ ਦੇ ਨਾਲ ਕਿਸੇ ਹੋਰ ਮੰਤਰੀ ਨੂੰ ਸਹੁੰ ਨਹੀਂ ਚੁਕਾਈ ਗਈ ਸੀ ਪਰ ਅੱਜ 10 ਮੰਤਰੀਆਂ ਨੂੰ ਸ਼ਾਮਲ ਕਰਨ ਤੋਂ ਬਾਅਦ ਪੰਜਾਬ ਵਿੱਚ ਭਗਵੰਤ ਮਾਨ ਦੇ ਕੈਬਨਿਟ ਮੰਤਰੀਆਂ ਦੀ ਗਿਣਤੀ ਮੁੱਖ ਮੰਤਰੀ ਮਾਨ ਸਮੇਤ 11 ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹੇਮੰਤ ਕੁਮਾਰ ਨੇ ਪੰਜਾਬ ‘ਚ ਭਗਵੰਤ ਮਾਨ ਦੀ ਕੈਬਨਿਟ ਮੰਤਰੀਆਂ ਦੀ ਗਿਣਤੀ ‘ਤੇ ਸਵਾਲ ਚੁੱਕੇ ਹਨ।
ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਕੀਲ ਹੇਮੰਤ ਕੁਮਾਰ ਨੇ ਭਾਰਤੀ ਸੰਵਿਧਾਨ ਦੀ ਧਾਰਾ 164-(ਆਈ.ਏ.) ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਵਿਚ ਸਪੱਸ਼ਟ ਤੌਰ ‘ਤੇ ਜ਼ਿਕਰ ਹੈ ਕਿ ਹਰ ਸੂਬੇ ਵਿਚ ਮੁੱਖ ਮੰਤਰੀ ਸਮੇਤ ਕੁੱਲ ਮੰਤਰੀਆਂ ਦੀ ਗਿਣਤੀ 12 ਤੋਂ ਘੱਟ ਨਹੀਂ ਹੋਵੇਗੀ। ਇਸ ਤਰ੍ਹਾਂ ਮੌਜੂਦਾ ਸਮੇਂ ਵਿਚ ਪੰਜਾਬ ਵਿਚ ਸੱਤਾਧਾਰੀ ਭਗਵੰਤ ਮਾਨ ਦੇ ਮੰਤਰੀ ਮੰਡਲ ਵਿੱਚ ਸੰਵਿਧਾਨਕ ਵਿਵਸਥਾ ਅਨੁਸਾਰ ਇਕ ਮੰਤਰੀ ਘੱਟ ਹੈ। ਹੇਮੰਤ ਨੇ ਅੱਜ ਇਸ ਸਬੰਧੀ ਪੰਜਾਬ ਦੇ ਰਾਜਪਾਲ, ਮੁੱਖ ਮੰਤਰੀ, ਉਨ੍ਹਾਂ ਦੇ ਪ੍ਰਮੁੱਖ ਸਕੱਤਰ ਅਤੇ ਮੁੱਖ ਸਕੱਤਰ ਆਦਿ ਨੂੰ ਵੀ ਪੱਤਰ ਲਿਖਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ‘ਤੇ ਕੋਈ ਕਾਰਵਾਈ ਹੁੰਦੀ ਹੈ ਜਾਂ ਨਹੀਂ।
----------- Advertisement -----------
ਭਗਵੰਤ ਮਾਨ ਦੀ ਕੈਬਨਿਟ ਮੰਤਰੀਆਂ ਦੀ ਗਿਣਤੀ ‘ਤੇ ਹਾਈ ਕੋਰਟ ਦੇ ਵਕੀਲ ਨੇ ਚੁੱਕੇ ਸਵਾਲ
Published on
----------- Advertisement -----------
----------- Advertisement -----------












