ਲੁਧਿਆਣਾ- ਦਫ਼ਤਰ ਡਿਪਟੀ ਕਮਿਸ਼ਨਰ, ਮਿੰਨੀ ਸਕੱਤਰੇਤ ਲੁਧਿਆਣਾ ਦੇ ਕਮਰਾ ਨੰ: 8 ਵਿਖੇ ਐਂਟੀ ਡਰੱਗ ਸਪੈਸ਼ਲ ਸੈੱਲ ਸਥਾਪਤ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਨੇ ਨਸ਼ਿਆ ਵਿਰੁੱਧ ਸਪੈਸ਼ਲ ਸੈੱਲ ਸਥਾਪਤ ਕਰਨ ਸਬੰਧੀ ਆਪਣੇ ਦਫ਼ਤਰ ਵਿਖੇ ਰੱਖੀ ਮੀਟਿੰਗ ਦੌਰਾਨ ਦਿੱਤੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਐਂਟੀ ਡਰੱਗ ਸਪੈਸ਼ਲ ਸੈੱਲ ਵਿੱਚ ਉਹ ਵਿਅਕਤੀ ਸੰਪਰਕ ਕਰ ਸਕਦੇ ਹਨ ਜਿਨ੍ਹਾਂ ਦੇ ਪਰਿਵਾਰ ਦੇ ਜੀਅ ਨਸ਼ਿਆਂ ਤੋ ਪੀੜਤ ਹੋ ਚੁੱਕੇ ਹਨ ਅਤੇ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਇਹ ਵਿਅਕਤੀ ਡਰੱਗ ਰੀਹੈਬ ਸੈਟਰ ਜਗਰਾਓ ਨਾਲ ਫੋਨ ਨੰਬਰ 0162-4257547 ਤੇ ਵੀ ਸੰਪਰਕ ਕਰਕੇ ਨਸ਼ੇ ਤੋ ਪੀੜਤ ਵਿਅਕਤੀ ਨੂੰ ਸੈਟਰ ਵਿੱਚ ਦਾਖਲ ਹੋ ਕੇ ਇਲਾਜ਼ ਕਰਵਾ ਸਕਦੇ ਹਨ। ਇਸ ਸੈਂਟਰ ਵਿੱਚ ਨਸ਼ੇ ਤੋ ਪੀੜਤ ਵਿਅਕਤੀ ਨੂੰ ਚਾਰ ਮਹੀਨੇ ਇਲਾਜ ਦੌਰਾਨ ਮੁਫ਼ਤ ਰੱਖਿਆ ਜਾਵੇਗਾ ਅਤੇ ਉਸ ਨੂੰ ਖਾਣਾ-ਪੀਣਾ ਵੀ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਨਸ਼ਾ ਪੀੜਤ ਵਿਅਕਤੀ ਨੂੰ ਜਿੰਮ ਦੀ ਸਹੂਲਤ ਵੀ ਦਿੱਤੀ ਜਾਵੇਗੀ।
ਮੇਜਰ ਅਮਿਤ ਸਰੀਨ ਨੇ ਕਿਹਾ ਕਿ ਜ਼ਿਲ੍ਹਾ ਲੁਧਿਆਣਾ ਵਿੱਚ 48 ਓਟ ਸੈਟਰ ਚੱਲ ਰਹੇ ਹਨ, ਜਿੱਥੇ ਕਿ ਲਗਭਗ 20 ਹਜ਼ਾਰ ਨਸ਼ੇ ਤੋ ਪੀੜਤ ਵਿਅਕਤੀਆਂ ਨੂੰ ਪੋਰਟਲ ਤੇ ਰਜਿਸਟਰ ਕਰਕੇ ਨਸ਼ਾ ਛੱਡਣ ਲਈ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 10 ਬੈੱਡਾਂ ਵਾਲੇ ਤਿੰਨ ਹੋਰ ਨਸ਼ਾ ਛੁਡਾਊ ਸੈਟਰ ਸਮਰਾਲਾ, ਜਗਰਾਉ ਅਤੇ ਲੁਧਿਆਣਾ ਵਿਖੇ ਚੱਲ ਰਹੇ ਹਨ। ਉਹਨਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀ ਇਸ ਬਾਰੇ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਕਮਿਸ਼ਨਰ, ਮਿੰਨੀ ਸਕੱਤਰੇਤ ਦੇ ਕਮਰਾ ਨੰ: 8 ਫੁਟਕਲ ਸ਼ਾਖਾ ਵਿੱਚ ਅਤੇ ਸਿਵਲ ਸਰਜਨ ਦਫ਼ਤਰ ਵਿੱਚ ਡਿਪਟੀ ਮੈਡੀਕਲ ਅਫ਼ਸਰ ਨਾਲ ਵੀ ਸੰਪਰਕ ਕਰ ਸਕਦੇ ਹਨ। ਇਸ ਤੋ ਇਲਾਵਾ ਪੁਲਿਸ ਵਿਭਾਗ ਵਿੱਚ ਵੀ ਐਟੀ ਡਰੱਗ ਸੈੱਲ ਸਥਾਪਿਤ ਕੀਤੇ ਜਾ ਚੁੱਕੇ ਹਨ, ਇਨ੍ਹਾਂ ਦਫ਼ਤਰਾਂ ਨਾਲ ਸੰਪਰਕ ਕਰਕੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ਼ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀ 12 ਅਗਸਤ ਨੂੰ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਵਿੱਚ ਨਸ਼ਿਆਂ ਦੇ ਵਿਰੁੱਧ ਸਹੁੰ ਚੁੱਕ ਸਮਾਗਮ ਵੀ ਕਰ ਰਹੇ ਹਾਂ।
ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਨਸ਼ਿਆਂ ਦੇ ਕੋਹੜ ਨਾਲ ਨਜਿੱਠਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੇਂਦਰ ਵੱਧ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਸਹਿਯੋਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਮੁਹਿੰਮ ਲੋਕਾਂ ਦੀ ਸ਼ਮੂਲੀਅਤ ਤੋਂ ਬਿਨਾਂ ਕਦੇ ਵੀ ਸਫਲ ਨਹੀਂ ਹੋ ਸਕਦੀ, ਇਸ ਲਈ ਸਾਨੂੰ ਸਾਰਿਆਂ ਨੂੰ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾ ਸਕੇ।
ਮੇਜਰ ਅਮਿਤ ਸਰੀਨ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਮੁੜ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਪ੍ਰਭਾਵਿਤ ਵਿਅਕਤੀਆਂ ਦੀ ਤਨਦੇਹੀ ਨਾਲ ਸਹਾਇਤਾ ਕਰਨ ਲਈ ਪਹਿਲਾਂ ਹੀ ਵੱਖ-ਵੱਖ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪਾਸਾ ਵੱਟਣ ਲਈ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਸਾਡੇ ਸਿਹਤ ਸੰਭਾਲ ਅਦਾਰਿਆਂ ਨਾਲ ਸੰਪਰਕ ਕਰ ਸਕਦਾ ਹੈ ਜਿੱਥੇ ਨਸ਼ੇ ਤੋਂ ਪੀੜ੍ਹਤ ਲੋਕਾਂ ਨੂੰ ਸਲਾਹ-ਮਸ਼ਵਰਾ ਅਤੇ ਇਲਾਜ ਸਮੇਤ ਵਧੀਆ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।