ਪੰਜਾਬ ਕੈਬਨਿਟ ਦੀ ਮੀਟਿੰਗ ਹੁਣ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਹੋਵੇਗੀ। ਇਹ ਫੈਸਲਾ ਸਰਕਟ ਹਾਊਸ ਲੁਧਿਆਣਾ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਸ਼ੁੱਕਰਵਾਰ ਨੂੰ ਪਹਿਲੀ ਵਾਰ ਕੈਬਨਿਟ ਦੀ ਮੀਟਿੰਗ ਚੰਡੀਗੜ੍ਹ ਤੋਂ ਬਾਹਰ ਰੱਖੀ ਗਈ ਹੈ। ਮਾਨ ਨੇ ਕਿਹਾ ਕਿ ਇਸ ਫੈਸਲੇ ਨਾਲ ਅਸੀਂ ਲੋਕਾਂ ਦੀਆਂ ਦਫ਼ਤਰਾਂ ਤੇ ਚੰਡੀਗੜ੍ਹ ਆਉਣ ਵਾਲੀਆਂ ਖੱਜਲ-ਖ਼ੁਆਰੀਆਂ ਨੂੰ ਖ਼ਤਮ ਕਰਾਂਗੇ। ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਤਹਿਤ ਅੱਜ ਪਹਿਲੀ ਕੈਬਨਿਟ ਮੀਟਿੰਗ ਲੁਧਿਆਣਾ ਵਿਖੇ ਹੋਈ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿਚ ਪਹਿਲੀ ਮਈ ਤੋਂ ਸਰਕਾਰ ਮਜ਼ਦੂਰਾਂ ਨੂੰ ਤੋਹਫਾ ਦੇ ਰਹੀ ਹੈ। ਹੁਣ ਜੇ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੋ ਜਾਂਦੀ ਹੈ ਤਾਂ ਸਰਕਾਰ ਉਸ ਕਿਸਾਨ ਦੇ ਨਾਲ-ਨਾਲ ਖੇਤ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਵੀ 10 ਫ਼ੀਸਦੀ ਮੁਆਵਜ਼ਾ ਦੇਵੇਗੀ। ਇਸ ਤੋਂ ਇਲਾਵਾ ਸੂਬੇ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਜ਼ਮੀਨ-ਜਾਇਦਾਦ ਦੀ ਰਜਿਸਟ੍ਰੇਸ਼ਨ ਉਤੇ ਵਸੂਲੀ ਜਾਂਦੀ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੇਣ ਦੇ ਸਮੇਂ ਵਿਚ ਵਾਧਾ ਕਰਦੇ ਹੋਏ ਇਸ ਦੀ ਤਰੀਕ 15 ਮਈ ਤੱਕ ਵਧਾ ਦਿੱਤੀ ਹੈ।











