ਫਗਵਾੜਾ ਰੋਡ ‘ਤੇ ਕਸਬਾ ਬੰਗਾ ਨੇੜੇ ਪਿੰਡ ਭੁੱਟਾ ਮੋੜ ਵਿਖੇ ਇੱਕ ਕਾਰ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਈ-ਰਿਕਸ਼ਾ ਸਵਾਰ ਇੱਕ ਔਰਤ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।
ਮਿਲੀ ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਰਾਕੇਸ਼ ਰੌਸ਼ਨ ਆਪਣੀ ਪਤਨੀ ਬਿੰਦਰ ਕੌਰ ਅਤੇ ਬੇਟੀ ਨਾਲ ਨਵਾਂਸ਼ਹਿਰ ਨੇੜੇ ਪਿੰਡ ਭੀਣ ਵਿਖੇ ਆਪਣੇ ਰਿਸ਼ਤੇਦਾਰ ਨੂੰ ਮਿਲਣ ਜਾ ਰਿਹਾ ਸੀ। ਜਦੋਂ ਉਹ ਪਿੰਡ ਭੁੱਟਾ ਕੋਲ ਪਹੁੰਚਿਆ ਤਾਂ ਪਿੱਛੇ ਤੋਂ ਇੱਕ ਕਾਰ ਵਾਹਨ ਨੇ ਈ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਈ-ਰਿਕਸ਼ਾ ਚਾਲਕ ਅਤੇ ਉਸ ਦੀ ਲੜਕੀ ਗੰਭੀਰ ਜ਼ਖ਼ਮੀ ਹੋ ਗਏ, ਜਦੋਂਕਿ ਉਸ ਦੀ ਪਤਨੀ ਬਿੰਦਰ ਕੌਰ ਦੀ ਮੌਤ ਹੋ ਗਈ।
ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਨਵਾਂਸ਼ਹਿਰ ਦੀ ਮੋਰਚਰੀ ‘ਚ ਰਖਵਾਇਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਟੱਕਰ ਮਾਰਨ ਵਾਲੀ ਕਾਰ ਨੂੰ ਪੁਲਿਸ ਨੇ ਨਾਕਾਬੰਦੀ ਦੌਰਾਨ ਕਾਬੂ ਕਰ ਲਿਆ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।