ਮੁੱਲਾਂਪੁਰ (ਨਿਊ ਚੰਡੀਗੜ੍ਹ), 24 ਅਗਸਤ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੋਮੀ ਭਾਭਾ ਕੈਂਸਰ ਹਸਪਤਾਲ ਅਤੇ ਖੋਜ ਕੇਂਦਰ ਦੇ ਰੂਪ ਵਿੱਚ ਸੂਬੇ ਲਈ ਸਭ ਤੋਂ ਵੱਡਾ ਤੋਹਫ਼ਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਇਹ ਕੈਂਸਰ ਪ੍ਰਭਾਵਿਤ ਸੂਬੇ ਖਾਸ ਕਰਕੇ ਮਾਲਵਾ ਖੇਤਰ ਨੂੰ ਇਸ ਨਾਮੁਰਾਦ ਬਿਮਾਰੀ ਵਿਰੁੱਧ ਕਾਰਗਰ ਢੰਗ ਨਾਲ ਲੜਨ ਵਿੱਚ ਮਦਦਗਾਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਇਸ ਪ੍ਰੋਜੈਕਟ ਲਈ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ, “ਆਮ ਬੋਲ ਚਾਲ ਵਿੱਚ ਪੰਜਾਬੀਆਂ ਨੂੰ ਤਾਂ ਕੈਂਸਰ ਦਾ ਨਾਂ ਲੈਣ ਤੋਂ ਵੀ ਡਰ ਲੱਗਦਾ ਹੈ ਕਿਉਂਕਿ ਇਸ ਦਾ ਇਲਾਜ ਬਹੁਤ ਮਹਿੰਗਾ ਹੈ ਪਰ ਇਹ ਕੈਂਸਰ ਇਲਾਜ ਕੇਂਦਰ, ਖਿੱਤੇ ਲਈ ਪਹੁੰਚਯੋਗ ਅਤੇ ਕਿਫਾਇਤੀ ਇਲਾਜ ਯਕੀਨੀ ਬਣਾਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।”

ਪ੍ਰਧਾਨ ਮੰਤਰੀ ਵੱਲੋਂ ਇਹ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕਰਨ ਲਈ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਪਹਿਲਕਦਮੀ ਹੈ, ਜੋ ਸੂਬੇ ਨੂੰ ਕੈਂਸਰ ਵਿਰੁੱਧ ਲੜਾਈ ਹੋਰ ਤੇਜ਼ ਕਰਨ ਵਿਚ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਭਾਵੇਂ ਸੂਬੇ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ ਪਰ ਕੀਟਨਾਸ਼ਕਾਂ ਅਤੇ ਨਦੀਨਨਾਸ਼ਕਾਂ ਦੀ ਵੱਧ ਵਰਤੋਂ ਕਾਰਨ ਪੰਜਾਬ ਦੇ ਲੋਕ ਕੈਂਸਰ ਦੀ ਬਿਮਾਰੀ ਦੀ ਲਪੇਟ ਵਿਚ ਆ ਗਏ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ ਕੈਂਸਰ ਪੀੜਤ ਮਰੀਜ਼ਾਂ ਦਾ ਇਲਾਜ ਕਰੇਗਾ, ਸਗੋਂ ਖੋਜ ਕਾਰਜਾਂ ਰਾਹੀਂ ਇਸ ਦੀ ਰੋਕਥਾਮ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾ ਕੇ ਦੇਸ਼ ਵਿੱਚੋਂ ਪੜ੍ਹੇ ਲਿਖੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਰੋਕਣ ‘ਤੇ ਜ਼ੋਰ ਦੇ ਰਹੀ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਭਰ ਵਿੱਚੋਂ ਪ੍ਰਗਤੀਸ਼ੀਲ ਅਤੇ ਸਿਹਤਮੰਦ ਸੂਬੇ ਵਜੋਂ ਮੁੜ ਉਭਰੇਗਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਸ਼ਾਲ ਅਤੇ ਦਰਬਾਰ ਸਾਹਿਬ (ਹਰਿਮੰਦਰ ਸਾਹਿਬ) ਦਾ ਮਾਡਲ ਭੇਟ ਕਰਕੇ ਸਨਮਾਨਿਤ ਵੀ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਕੇਂਦਰੀ ਰਾਜ ਮੰਤਰੀ ਜਤਿੰਦਰ ਸਿੰਘ, ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਅਤੇ ਹੋਰ ਸਖਸ਼ੀਅਤਾਂ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੰਗਰੂਰ ਵਿਖੇ 100 ਬਿਸਤਰਿਆਂ ਦੀ ਸਮਰੱਥਾ ਵਾਲਾ ਹੋਮੀ ਭਾਭਾ ਕੈਂਸਰ ਹਸਪਤਾਲ ਲੋਕਾਂ ਨੂੰ ਕੈਂਸਰ ਦਾ ਮਿਆਰੀ ਇਲਾਜ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਹਸਪਤਾਲ ਵਿੱਚ ਹੁਣ ਤੱਕ ਲਗਭਗ 37,000 ਮਰੀਜ਼ਾਂ ਦਾ ਸਫਲਤਾਪੂਰਵਕ ਇਲਾਜ ਕੀਤਾ ਜਾ ਚੁੱਕਾ ਹੈ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਨਿਊ ਚੰਡੀਗੜ੍ਹ ਵਿਖੇ ਸਥਾਪਿਤ ਕੀਤਾ ਗਿਆ ਕੇਂਦਰ ਨਾ ਸਿਰਫ਼ ਪੰਜਾਬ ਦੇ ਮਰੀਜ਼ਾਂ ਨੂੰ ਸਗੋਂ ਗੁਆਂਢੀ ਸੂਬਿਆਂ ਜਿਵੇਂ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਹਰਿਆਣਾ, ਉਤਰਾਖੰਡ ਅਤੇ ਰਾਜਸਥਾਨ ਨੂੰ ਵੀ ਮਿਆਰੀ ਕੈਂਸਰ ਇਲਾਜ ਮੁਹੱਈਆ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।












