ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇੱਕ ਟਵੀਟ ਵਿੱਚ ਲਿਖਿਆ ਕਿ “ਪੰਜਾਬ ਦੇ ਸੂਝਵਾਨ ਆਗੂ, ਵਿਧਾਨ ਸਭਾ ਦੇ ਡਿਪਟੀ ਸਪੀਕਰ ਰਹੇ ਬੀਰ ਦਵਿੰਦਰ ਸਿੰਘ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ,ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼ਣ।”

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਵੀਰ ਦਵਿੰਦਰ ਸਿੰਘ 74 ਸਾਲ ਦੇ ਸਨ। ਸਿਹਤ ਠੀਕ ਨਾ ਹੋਣ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਪੀ.ਜੀ.ਆਈ. ਵਿਚ ਦਾਖਲ ਸਨ। ਉਨ੍ਹਾਂ ਅੱਜ ਸਵੇਰੇ 11 ਵਜੇ ਆਖਰੀ ਸਾਹ ਲਿਆ। ਸਾਬਕਾ ਡਿਪਟੀ ਸਪੀਕਰ ਨੂੰ ਵੈਸਟ ਪਾਰਲੀਮੈਂਟਰੀ ਐਵਾਰਡ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ। ਬੀਰ ਦਵਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਹਨ ਅਤੇ 1980 ਵਿਚ ਉਨ੍ਹਾਂ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ ਅਤੇ ਰਾਜਨੀਤਕ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ। 2002 ਵਿਚ ਉਹ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਰਹੇ। ਆਪਣੇ ਜੀਵਨ ਕਾਲ ਦੌਰਾਨ ਉਹ ਸਰਬੋਤਮ ਬੁਲਾਰੇ ਹੋਣ ਦੇ ਨਾਲ-ਨਾਲ ਵਧੀਆ ਹਾਜ਼ਰ-ਜਵਾਬੀ ਦੇ ਲਈ ਵੀ ਜਾਣੇ ਜਾਂਦੇ ਸਨ।











