ਪਟਿਆਲਾ ਹਿੰਸਾ ਦੇ ਮਾਮਲੇ ‘ਚ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਇਸ ਮਾਮਲੇ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਕੁਝ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹਿੰਸਾ ਵਿੱਚ ਭਾਜਪਾ ਅਤੇ ਸ਼ਿਵ ਸੈਨਾ ਦੇ ਲੋਕ ਸ਼ਾਮਲ ਸਨ। ਦੂਜੇ ਪਾਸੇ ਅਕਾਲੀ ਦਲ ਦੇ ਲੋਕ ਸਨ। ਇਹ ਦੋ ਸਿਆਸੀ ਪਾਰਟੀਆਂ ਦਾ ਟਕਰਾਅ ਸੀ, ਇਸ ਨੂੰ ਕਿਸੇ ਧਰਮ ਜਾਂ ਫਿਰਕੇ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ, ਜਲਦੀ ਹੀ ਸਭ ਕੁਝ ਸਭ ਦੇ ਸਾਹਮਣੇ ਆ ਜਾਵੇਗਾ। ਪੰਜਾਬ ‘ਚ ‘ਆਪ’ ਸਰਕਾਰ ਦੀ ਲੋਕਪ੍ਰਿਅਤਾ ਤੋਂ ਘਬਰਾ ਕੇ ਵਿਰੋਧੀ ਪਾਰਟੀਆਂ ਨੇ ਇਹ ਸਭ ਕੁਝ ਕੀਤਾ। ਮਾਨ ਨੇ ਹਿੰਸਾ ਵਾਲੇ ਦਿਨ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਲੀ ਮਾਤਾ ਮੰਦਰ ਜਾਣ ‘ਤੇ ਵੀ ਸਵਾਲ ਚੁੱਕੇ ਹਨ।
ਪਟਿਆਲਾ ਹਿੰਸਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਹੇਠ ਅਧਿਕਾਰੀਆਂ ਨੂੰ ਤਲਬ ਕੀਤਾ ਸੀ। ਉਨ੍ਹਾਂ ਡੀ.ਜੀ.ਪੀ ਵੀ.ਕੇ.ਭਾਵਰਾ ‘ਤੇ ਵੀ ਨਾਰਾਜ਼ਗੀ ਪ੍ਰਗਟਾਈ ਅਤੇ ਜ਼ਿੰਮੇਵਾਰ ਅਧਿਕਾਰੀਆਂ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ। ਇਸ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦੀ ਲਾਪ੍ਰਵਾਹੀ ਦੀ ਜਾਂਚ ਕੀਤੀ ਜਾਵੇਗੀ।












