ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਤਾਰਾ ਨੂੰ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਤਾਰਾ ਖ਼ਿਲਾਫ਼ ਜਲੰਧਰ ਦਿਹਾਤੀ ਦੇ ਗੋਰਾਇਆ ਥਾਣੇ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਰੋਕੂ ਐਕਟ ਅਤੇ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਸੁਣਵਾਈ ਮਗਰੋਂ ਫ਼ੈਸਲੇ ਸੁਣਾਉਂਦੇ ਹੋਏ ਤਾਰਾ ਨੂੰ ਬਰੀ ਕਰ ਦਿੱਤਾ ਹੈ।
ਇਸ ਕੇਸ ਸਬੰਧੀ ਜਾਣਕਾਰੀ ਦਿੰਦਿਆ ਤਾਰਾ ਦੇ ਵਕੀਲ ਕੇ. ਐੱਸ. ਹੁੰਦਲ ਨੇ ਦੱਸਿਆ ਕਿ ਸਾਲ 2012 ’ਚ ਇਹ ਮਾਮਲਾ ਦਰਜ ਹੋਇਆ ਸੀ, 20 ਮਈ ਨੂੰ ਅਦਾਲਤ ’ਚ ਬਹਿਸ ਹੋਈ ਸੀ, ਜਿਸ ਤੋਂ ਬਾਅਦ ਅਦਾਲਤ ਨੇ ਵੀਰਵਾਰ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਜਗਤਾਰ ਸਿੰਘ ਤਾਰਾ ਦੇ ਬਰੀ ਹੋਣ ’ਤੇ ਸਿੱਖ ਜਥੇਬੰਦੀਆਂ ਨੂੰ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।












