ਹੁਸ਼ਿਆਰਪੁਰ, 22 ਜੁਲਾਈ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰੇ ਦਾ ਮੁੱਖ ਉਦੇਸ਼ ਜੇਲ੍ਹ ਵਿਚ ਕੈਦੀਆਂ ਦੀ ਸਥਿਤੀ, ਸੁਰੱਖਿਆ ਵਿਵਸਥਾ, ਸਾਫ਼-ਸਫ਼ਾਈ, ਸਿਹਤ ਸੇਵਾਵਾਂ ਅਤੇ ਹੋਰ ਸੁਵਿਧਾਵਾਂ ਦਾ ਨਿਰੀਖਣ ਕਰਨਾ ਸੀ। ਇਸ ਦੌਰਾਨ ਉਨ੍ਹਾਂ ਨਾਲ ਜੇਲ੍ਹ ਸੁਪਰਡੰਟ ਬੀ.ਐਸ ਘੁੰਮਣ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਚੇਅਰਮੈਨ ਨਗਰ ਸੁਧਾਰ ਟਰੱਸਟ ਸ਼ਹੀਦ ਭਗਤ ਸਿੰਘ ਨਗਰ ਸਤਨਾਮ ਸਿੰਘ ਜਲਵਾਹਾ, ਐਸ.ਪੀ (ਹੈਡਕੁਆਰਟਰ) ਮਨੋਜ ਕੁਮਾਰ, ਵਧੀਕ ਸੁਪਰਡੰਟ ਹਰਭਜਨ ਸਿੰਘ ਸੈਣੀ, ਡੀ.ਐਸ.ਪੀ ਸਿਟੀ ਅਮਰਨਾਥ ਵੀ ਮੌਜੂਦ ਸਨ।
ਡਿਪਟੀ ਸਪੀਕਰ ਨੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਵੱਖ-ਵੱਖ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਜੇਲ੍ਹ ਵਿਚ ਕੈਂਦੀਆਂ ਦੇ ਲਈ ਉਪਲਬੱਧ ਸਿਹਤ ਸੇਵਾਵਾਂ, ਭੋਜਨ ਦੀ ਗੁਣਵੱਤਾ, ਸਫ਼ਾਈ ਅਤੇ ਸੁਰੱਖਿਆ ਪ੍ਰਬੰਧਾਂ ਦੀ ਵਿਸ਼ੇਸ਼ ਰੂਪ ਨਾਲ ਜਾਂਚ ਕੀਤੀ। ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆਂ ਦੀਆਂ ਸਾਰੀਆਂ ਬੁਨਿਆਦੀ ਜ਼ਰੂਰਤਾਂ ਦਾ ਧਿਆਨ ਰੱਖਿਆ ਜਾਵੇ ਅਤੇ ਕਿਸੇ ਪ੍ਰਕਾਰ ਦੀ ਲਾਪ੍ਰਵਾਹੀ ਨਾ ਹੋਵੇ।
ਡਿਪਟੀ ਸਪੀਕਰ ਨੇ ਜੇਲ੍ਹ ਦੇ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਉਥੇ ਭਰਤੀ ਮਰੀਜ਼ਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਨਾਲ ਮੁਲਕਾਤ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਮਰੀਜ਼ਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਉਪਲਬੱਧ ਹੋ ਸਕੇ। ਇਸ ਤੋਂ ਇਲਾਵਾ ਡਿਪਟੀ ਸਪੀਕਰ ਨੇ ਕੈਂਦੀਆਂ ਨਾਲ ਸਿੱਖਿਆ ਅਤੇ ਪੁਨਰਵਾਸ ਪ੍ਰੋਗਰਾਮ ਨੂੰ ਵੀ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ, ਜਿਸ ਨਾਲ ਉਨ੍ਹਾਂ ਨੂੰ ਸਮਾਜ ਵਿਚ ਮੁੜ ਸਥਾਪਿਤ ਹੋਣ ਵਿਚ ਮਦਦ ਕੀਤੀ ਜਾ ਸਕੇ। ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਪਣੇ ਦੌਰੇ ਦੌਰਾਨ ਜੇਲ੍ਹ ਪ੍ਰਸ਼ਾਸਨ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨਾਲ ਜੇਲ੍ਹ ਵਿਚ ਰਹਿਣ ਵਾਲੇ ਕੈਦੀਆਂ ਨੂੰ ਬਿਹਤਰ ਸੁਵਿਧਾਵਾਂ ਮਿਲ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਜੇਲ੍ਹ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਕੈਦੀਆ ਦੀਆਂ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵਿਸ਼ੇਸ਼ ਯੋਜਨਾਵਾਂ ਬਣਾਉਣ। ਉਨ੍ਹਾਂ ਭਰੋਸਾ ਦਿੱਤਾ ਕਿ ਸਰਕਾਰ ਜੇਲ੍ਹ ਪ੍ਰਸ਼ਾਸਨ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗੀ, ਤਾਂ ਜੋ ਜੇਲ੍ਹ ਵਿਚ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਚੱਲਦੀਆਂ ਰਹਿਣ। ਉਨ੍ਹਾਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਆਰ.ਓ, ਵਾਟਰ ਕੂਲਰ ਅਤੇ ਐਂਬੂਲੈਂਸ ਦੀ ਮੰਗ ਰੱਖੀ ਗਈ ਹੈ, ਜਿਸ ਨੂੰ ਜਲਦ ਹੀ ਪੂਰਾ ਕਰ ਦਿੱਤਾ ਜਾਵੇਗਾ।