ਮਾਨਸਾ ਵਿੱਚ ਸੀਵਰੇਜ ਦੇ ਓਵਰਫਲੋਅ ਦੀ ਸਮੱਸਿਆ ਨੂੰ ਲੈ ਕੇ ਵਪਾਰੀਆਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ਼ਹਿਰ ਵਿੱਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਦੀ ਹਾਲਤ ਇਹ ਹੈ ਕਿ ਜਿਵੇਂ ਤੇਜ਼ ਮੀਂਹ ਪਿਆ ਹੋਵੇ। ਲੋਕਾਂ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ।
ਦੱਸ ਦਈਏ ਕਿ ਮਾਨਸਾ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਓਵਰਫਲੋਅ ਹੋਣ ਕਾਰਨ ਸੜਕਾਂ ਅਤੇ ਗਲੀਆਂ ਸੀਵਰੇਜ ਦੇ ਗੰਦੇ ਪਾਣੀ ਨਾਲ ਭਰ ਗਈਆਂ ਹਨ। ਇਸ ਸਮੱਸਿਆ ਕਾਰਨ ਸ਼ਹਿਰ ਦੇ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਰੋਸ ਪ੍ਰਗਟ ਕਰਦੇ ਹੋਏ ਮੁਕੇਸ਼ ਕੁਮਾਰ, ਕਰਮ ਸਿੰਘ, ਹੈਪੀ ਕੁਮਾਰ ਅਤੇ ਭੋਲਾ ਸਿੰਘ ਨੇ ਦੱਸਿਆ ਕਿ ਸੜਕਾਂ ਅਤੇ ਗਲੀਆਂ ਕਈ ਦਿਨਾਂ ਤੋਂ ਸੀਵਰੇਜ ਦੇ ਗੰਦੇ ਪਾਣੀ ਨਾਲ ਭਰੀਆਂ ਪਈਆਂ ਹਨ। ਇਹ ਸਮੱਸਿਆ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਵੀ ਲਿਆਂਦੀ ਜਾ ਚੁੱਕੀ ਹੈ ਪਰ ਪ੍ਰਸ਼ਾਸਨ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
ਉਨ੍ਹਾਂ ਕਿਹਾ ਕਿ ਇਸ ਦੀ ਨਾ ਤਾਂ ਨਗਰ ਕੌਂਸਲ ਦਾ ਕੋਈ ਅਧਿਕਾਰੀ ਅਤੇ ਨਾ ਹੀ ਕਰਮਚਾਰੀ ਸੁਣ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਬੋਰਡ ਦੇ ਅਧਿਕਾਰੀ ਵੀ ਇਸ ਸਮੱਸਿਆ ਦਾ ਹੱਲ ਨਹੀਂ ਕਰ ਰਹੇ। ਲੋਕਾਂ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹਿਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਸੀ ਕਿ ਚੋਣਾਂ ਤੋਂ ਬਾਅਦ ਸੀਵਰੇਜ ਦੀ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ।
ਪਰ ਚੋਣਾਂ ਤੋਂ ਬਾਅਦ ਵੀ ਕਿਸੇ ਨੇ ਇਸ ਸਮੱਸਿਆ ਨੂੰ ਹੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਲੋਕਾਂ ਨੇ ਸ਼ਹਿਰ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ 25 ਜੂਨ ਨੂੰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।