ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ ਬਿਜਲੀ ਵਿਭਾਗ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਟਰੈਕਟਰ-ਟਰਾਲੀ ਖੜ੍ਹੀ ਕਰਕੇ ਸੜਕ ਜਾਮ ਕਰ ਦਿੱਤੀ।
ਜਾਣਕਾਰੀ ਦਿੰਦਿਆਂ ਕਿਸਾਨ ਆਗੂ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ। ਕਿਸਾਨਾਂ ਨੂੰ ਖੇਤੀ ਲਈ 8 ਘੰਟੇ ਬਿਜਲੀ ਦੇਣ ਦੀ ਗੱਲ ਕਹੀ ਗਈ ਸੀ ਪਰ ਉਨ੍ਹਾਂ ਨੂੰ ਬਿਜਲੀ ਚਾਰ-ਪੰਜ ਘੰਟੇ ਹੀ ਮਿਲ ਰਹੀ ਹੈ। ਬਿਜਲੀ ਨਿਯਮਤ ਨਾ ਹੋਣ ਕਾਰਨ ਕਿਸਾਨ ਆਪਣੀਆਂ ਫ਼ਸਲਾਂ ਨੂੰ ਪਾਣੀ ਨਹੀਂ ਦੇ ਪਾ ਰਹੇ ਹਨ।
ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਅਸੀਂ ਪਹਿਲਾਂ ਵੀ ਕਈ ਵਾਰ ਰੋਸ ਪ੍ਰਦਰਸ਼ਨ ਕੀਤਾ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਪਰ ਕੋਈ ਹੱਲ ਨਹੀਂ ਨਿਕਲ ਸਕਿਆ। ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।