ਫਰੀਦਕੋਟ:18 ਅਗਸਤ 2024 – ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸਾਉਣੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ ਖੇਤੀਬਾੜੀ ਅਫ਼ਸਰ, ਡਾ. ਅਮਨ ਕੇਸ਼ਵ ਪ੍ਰੋਜੈਕਟ ਡਾਇਰੈਕਟਰ (ਆਤਮਾ) ਸਮੇਤ ਸਮੂਹ ਅਧਿਕਾਰੀ /ਕਰਮਚਾਰੀ ਹਾਜ਼ਰ ਸਨ । ਜ਼ਿਕਰਯੋਗ ਹੈ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਕਲ ਪੱਧਰ ਦੀਆਂ ਟੀਮਾਂ ਵੱਲੋਂ ਨਰਮੇ ਅਤੇ ਝੋਨੇ/ਬਾਸਮਤੀ ਦੀ ਫ਼ਸਲ ਦੀ ਸਫਲ ਕਾਸ਼ਤ ਲਈ ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਰ ਕਰਨ ਲਈ ਕਿਸਾਨਾਂ ਦੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੀ ਰੋਕਥਾਮ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਪੀ ਐਮ ਕਿਸਾਨ ਸਕੀਮ ਤਹਿਤ ਈ ਕੇ ਵਾਈ ਸੀ ਦਾ 100 ਫੀਸਦੀ ਟੀਚੇ ਦੀ ਪੂਰਤੀ ਲਈ ਪਿੰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ 320 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਕਾਸ਼ਤ ਕੀਤੀ ਗਈ ਹੈ । ਉਨਾਂ ਦੱਸਿਆ ਕਿ ਸਾਲ 2023-24 ਦੌਰਾਨ ਜ਼ਿਲਾ ਫ਼ਰੀਦਕੋਟ ਵਿੱਚ ਨਰਮੇ ਦੀ ਫਸਲ ਵਿੱਚ ਗੁਲਾਬੀ ਸੁੰਡੀ ਅਤੇ ਕੁਝ ਮੌਸਮੀ ਸਮੱਸਿਆਵਾਂ ਕਾਰਨ, ਨਰਮੇ ਦੀ ਫਸਲ ਹੇਠ ਰਕਬੇ ਵਿੱਚ ਗਿਰਾਵਟ ਆਈ ਹੈ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਨਰਮੇ ਦੀ ਫਸਲ ਦੇ ਕੀੜਿਆਂ ਦੇ ਪਹਿਚਾਣ ਅਤੇ ਸੁਚੱਜੀ ਰੋਕਥਾਮ ਲਈ ਚਲਾਈ ਗਈ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ।ਉਨਾਂ ਕਿਹਾ ਕਿ ਬਾਰਸ਼ਾਂ ਹੋਣ ਨਾਲ ਮੌਸਮ ਵਿਚ ਤਬਦੀਲੀ ਨਾਲ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦਾ ਹਮਲਾ ਘਟ ਗਿਆ ਹੈ ਅਤੇ ਗੁਲਾਬੀ ਸੁੰਡੀ ਦਾ ਹਮਲਾ ਕਿਤੇ ਵੀ ਦੇਖਣ ਨੂੰ ਨਹੀਂ ਮਿਲਿਆ। ਉਨਾਂ ਕਿਹਾ ਕਿ ਨਰਮੇ ਦੀ ਫਸਲ ਦੀ ਤੰਦਰੁਸਤੀ ਲਈ ਦੋ ਕਿਲੋ ਪੋਟਾਸ਼ੀਅਮ ਨਾਈਟ੍ਰੇਟ (13:0:45) ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਦੇ ਘੋਲ ਵਿੱਚ ਇੱਕ ਹਫਤੇ ਦੇ ਵਕਫੇ ਤੇ ਚਾਰ ਛਿੜਕਾਅ ਕਰ ਦੇਣੇ ਚਾਹੀਦੇ ਹਨ । ਉਨਾਂ ਦੱਸਿਆ ਕਿ ਜੇਕਰ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਵਧਦਾ ਹੈ ਤਾਂ ਸਿਫਾਰਸ਼ ਕੀਟਨਾਸ਼ਕਾਂ ਦਾ ਸਮੇਂ ਸਿਰ ,ਸਹੀ ਤਕਨੀਕ ਵਰਤ ਕੇ ਛਿੜਕਾਅ ਕਰ ਦੇਣਾ ਚਾਹੀਦਾ।ਉਨਾਂ ਨਰਮਾ ਕਾਸਤਕਾਰਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਉੱਪਰ ਕੀੜਿਆਂ ਦੀ ਰੋਕਥਾਮ ਲਈ ਗੈਰ ਸਿਫਾਰਸ਼ਸ਼ੁਦਾ ਜਾਂ ਮਿਸ਼ਰਤ ਕੀਟਨਾਸ਼ਕਾਂ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਸਮੱਸਿਆ ਆਉਂਦੀ ਹੈ ਖੇਤੀ ਮਾਹਿਰਾਂ ਵੱਲੋਂ ਕੀਤੀਆਂ ਸਿਫਾਰਸ਼ਾਂ ਅਨੁਸਾਰ ਹੀ ਸਮੱਸਿਆ ਦਾ ਹੱਲ ਕੀਤਾ ਜਾਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਰਮਾ ਕਾਸ਼ਤਕਾਰਾਂ ਨਾਲ ਲਗਾਤਾਰ ਰਾਬਤਾ ਬਣਾ ਕੇ ਰੱਖਣ ਦੀ ਜ਼ਰੂਰਤ ਹੈ ਤਾਂ ਜੋਂ ਨਰਮਾ ਕਾਸ਼ਤਕਾਰਾਂ ਨੂੰ ਕੋਈ ਸਮੱਸਿਆ ਨਾ ਆਵੇ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਪ੍ਰਸ਼ਾਸ਼ਨ ਵਲੋਂ ਛਾਂਦਾਰ ਬੂਟੇ ਲਗਾਉਣ ਲਈ ਚਲਾਈ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਟਿਊਬਵੈਲਾਂ ਅਤੇ ਸਾਂਝੀਆਂ ਥਾਵਾਂ ਤੇ ਤਕਰੀਬਨ ਇੱਕ ਲੱਖ ਬੱਤੀ ਹਜ਼ਾਰ ਛਾਂਦਾਰ ਬੂਟੇ ਲਗਾਏ ਗਏ ਹਨ ਅਤੇ ਹੋਰ ਬੂਟੇ ਲਗਾਏ ਜਾਣਗੇ ਤਾਂ ਜੋਂ ਵਾਤਾਵਰਨ ਵਿਚ ਆ ਰਹੇ ਵਿਗਾੜ ਨੂੰ ਘੱਟ ਕੀਤਾ ਜਾ ਸਕੇ।ਉਨਾਂ ਦੱਸਿਆ ਕਿ ਝੋਨੇ ਅਤੇ ਬਾਸਮਤੀ ਦੀ ਫ਼ਸਲ ਬਹੁਤ ਵਧੀਆ ਹੈ ਅਤੇ ਕਿਸੇ ਕਿਸਮ ਦੇ ਕੀੜੇ ਜਾਂ ਬਿਮਾਰੀ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬਿਨਾਂ ਜ਼ਰੂਰਤ ਤੋਂ ਕੀਟ ਨਾਸ਼ਕਾਂ ਦਾ ਝੋਨੇ ਜਾਂ ਬਾਸਮਤੀ ਦੀ ਫ਼ਸਲ ਵਿੱਚ ਛਿੜਕਾਅ ਨਾਂ ਕਰਨ , ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਖੇਤੀ ਮਾਹਿਰਾਂ ਨਾਲ ਸੰਪਰਕ ਕਰਕੇ ਹੱਲ ਕੀਤਾ ਜਾਵੇ। ਉਨਾਂ ਦੱਸਿਆ ਕਿ ਫ਼ਸਲੀ ਰਹਿੰਦ ਖੁੰਹਦ ਦੀ ਸੰਭਾਲ ਸਬੰਧੀ ਸਕੀਮ ਤਹਿਤ ਆਰ ਜੀ ਆਰ ਸੈਲ ਦੇ ਸਹਿਯੋਗ ਨਾਲ ਪਿੰਡ ਅਤੇ ਬਲਾਕ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋਂ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜ਼ੀਰੋ ਪੱਧਰ ਤੇ ਲਿਆਉਣ ਦਾ ਟੀਚਾ ਪੂਰਾ ਕੀਤਾ ਜਾ ਸਕੇ।ਉਨਾਂ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਪੀ ਐਮ ਕਿਸਾਨ ਸਕੀਮ ਦੇ 79% ਲਾਭਪਾਤਰੀਆਂ ਦੀ ਈ ਕੇ ਵਾਈ ਸੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਬਾਕੀ ਦਾ ਕੰਮ ਅਗਲੇ ਹਫਤੇ ਤੱਕ ਪੂਰਾ ਕਰ ਲਿਆ ਜਾਵੇਗਾ।