ਸੰਯੁਕਤ ਕਿਸਾਨ ਮੋਰਚਾ (SKM) 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰ ਰਿਹਾ ਹੈ। ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕੇਂਦਰ ਸਰਕਾਰ ਨਾਲ SKM ਦੀ ਮੀਟਿੰਗ ਸ਼ਾਮ ਨੂੰ ਚੰਡੀਗੜ੍ਹ ਵਿੱਚ ਹੋਣ ਜਾ ਰਹੀ ਹੈ। ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਫਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਇੱਥੇ ਫਤਹਿ (ਜਿੱਤ) ਦੀ ਅਰਦਾਸ ਕੀਤੀ ਗਈ।
ਦੱਸ ਦਈਏ ਕਿ ਕਿਸਾਨ ਆਗੂ ਡੱਲੇਵਾਲ ਨੇ ਕਿਹਾ ਕਿ SKM ਆਪਣੀਆਂ ਮੰਗਾਂ ਲਈ ਸੰਘਰਸ਼ ਨਹੀਂ ਕਰ ਰਹੀ। ਸਰਕਾਰ ਨੇ ਇਹ ਮੰਗਾਂ ਮੰਨ ਲਈਆਂ ਹਨ, ਪਰ ਇਨ੍ਹਾਂ ਨੂੰ ਲਾਗੂ ਨਹੀਂ ਕੀਤਾ ਗਿਆ। ਹੁਣ ਵਾਅਦੇ ਪੂਰੇ ਕਰਨ ਲਈ ਮਾਰਚ ਕੀਤਾ ਜਾ ਰਿਹਾ ਹੈ। 13 ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਆਪਣੇ ਵਾਅਦਿਆਂ ‘ਤੇ ਖਰੀ ਨਹੀਂ ਉਤਰੀ।
ਇਸਤੋਂ ਇਲਾਵਾ ਕਿਸਾਨ ਆਗੂ ਜਗਜੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਇਰਾਦੇ ਗਲਤ ਹਨ। ਇੱਕ ਪਾਸੇ ਮੀਟਿੰਗ ਬੁਲਾਈ ਗਈ ਹੈ ਅਤੇ ਦੂਜੇ ਪਾਸੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰਕੇ ਕਿਸਾਨਾਂ ਨੂੰ ਇਸ ਤਰ੍ਹਾਂ ਰੋਕਣ ਦੀ ਤਿਆਰੀ ਕੀਤੀ ਜਾ ਰਹੀ ਹੈ ਜਿਵੇਂ ਉਹ ਵੱਡੇ ਅਪਰਾਧੀ ਹੋਣ। ਸਰਕਾਰ ਦੀ ਸਥਿਤੀ ਨੂੰ ਦੇਖਦਿਆਂ ਲੱਗਦਾ ਹੈ ਕਿ ਮੀਟਿੰਗ ਵਿੱਚ ਕੋਈ ਹੱਲ ਨਹੀਂ ਨਿਕਲੇਗਾ। ਇਸ ਕਾਰਨ ਕਿਸਾਨਾਂ ਨੇ ਦਿੱਲੀ ਜਾਣ ਦੀ ਪੂਰੀ ਤਿਆਰੀ ਕਰ ਲਈ ਹੈ। ਜੇਕਰ ਉਨ੍ਹਾਂ ਨੂੰ ਕੋਈ ਠੋਸ ਮੋਰਚਾ ਖੜ੍ਹਾ ਕਰਨਾ ਪਿਆ ਤਾਂ ਉਹ ਪਿੱਛੇ ਨਹੀਂ ਹਟਣਗੇ।
ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਾਨੂੰਨ ਬਣਾਉਣ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲੈਣ, ਲਖੀਮਪੁਰ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ, ਖੇਤੀ ਨੂੰ ਪ੍ਰਦੂਸ਼ਣ ਐਕਟ ਤੋਂ ਦੂਰ ਰੱਖਣ ਦੇ ਵਾਅਦੇ ਕੀਤੇ ਗਏ ਸਨ | ਇਨ੍ਹਾਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ।
ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਅਤੇ ਗੁਰਨਾਮ ਸਿੰਘ ਚੜੂਨੀ ਦੀ ਹਮਾਇਤ ’ਤੇ ਡੱਲੇਵਾਲ ਨੇ ਕਿਹਾ ਕਿ ਐਸ.ਕੇ.ਐਮ ਨੇ ਕਿਸੇ ਨੂੰ ਵਿਸ਼ੇਸ਼ ਪੱਤਰ ਨਹੀਂ ਭੇਜਿਆ। ਹਰ ਕੋਈ ਆਪਣੇ-ਆਪ ਆ ਰਿਹਾ ਹੈ। ਕੁਝ ਦਿਨ ਪਹਿਲਾਂ ਯੂਪੀ ਦੀਆਂ 10 ਕਿਸਾਨ ਜਥੇਬੰਦੀਆਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ ਅਤੇ ਸਮਰਥਨ ਦਾ ਭਰੋਸਾ ਦਿੱਤਾ ਸੀ। ਅਜਿਹੀ ਹਾਲਤ ਵਿੱਚ ਜੇ ਚੜੂਨੀ ਆਉਣਾ ਚਾਹੇ ਤਾਂ ਆ ਸਕਦਾ ਹੈ। ਪਰ ਰਾਜਨੀਤੀ ਨਾ ਕਰੋ। ਇਸ ਤੋਂ ਪਹਿਲਾਂ ਵੀ SKM ਨੇ ਕਿਸੇ ਵੀ ਸਿਆਸੀ ਵਿਅਕਤੀ ਨੂੰ ਆਪਣੇ ਮੰਚ ਤੋਂ ਬੋਲਣ ਨਹੀਂ ਦਿੱਤਾ ਸੀ। ਇਸ ਵਾਰ ਵੀ ਅਜਿਹਾ ਹੀ ਹੋਵੇਗਾ।