ਪੰਜਾਬ ਦੇ ਵਿੱਤ ਮੰਤਰੀ ਐਲਾਨੇ ਜਾਣ ਤੋਂ ਬਾਅਦ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਦੇ ਵਲੋਂ ਕੇਂਦਰ ਸਰਕਾਰ ‘ਤੇ ਨਿਸ਼ਾਨੇ ਸਾਧੇ ਗਏ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਉਨ੍ਹਾਂ ਵਲੋਂ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਕੇਂਦਰੀ ਸੇਵਾ ਨਿਯਮ ਦਾ ਵਿਰੋਧ ਕੀਤਾ ਗਿਆ।
ਚੰਡੀਗੜ੍ਹ ਦੇ ਸਰਕਾਰੀ ਕਰਮਚਾਰੀਆਂ ’ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਫ਼ੈਸਲੇ ’ਤੇ ਪੰਜਾਬ ਸਰਕਾਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਖਜ਼ਾਨਾ ਮੰਤਰੀ ਹਰਪਾਲ ਚੀਮਾ ਨੇ ਇਸ ਨੂੰ ਕੇਂਦਰ ਵਲੋਂ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨਾ ਕਰਾਰ ਦਿੱਤਾ ਹੈ। ਕੈਬਨਿਟ ਮੰਤਰੀ ਨੇ ਚਿਤਾਵਨੀ ਦਿੰਦਿਆਂ ਇਹ ਵੀ ਆਖਿਆ ਹੈ ਕਿ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਪੰਜਾਬ ਸਰਕਾਰ ਕਾਨੂੰਨੀ ਲੜਾਈ ਵੀ ਲੜੇਗੀ ਅਤੇ ਜ਼ਮੀਨ ’ਤੇ ਉੱਤਰ ਕੇ ਪ੍ਰਦਰਸ਼ਨ ਵੀ ਕਰੇਗੀ। ਚੰਡੀਗੜ੍ਹ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਿਚ ਪੰਜਾਬ ਦਾ ਹਿੱਸਾ ਲਗਭਗ ਖਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਭਾਜਪਾ ਸਰਕਾਰ ਤਾਨਾਸ਼ਾਹੀ ਫ਼ੈਸਲੇ ਲੈ ਕੇ ਲਗਾਤਾਰ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।
----------- Advertisement -----------












