ਕਪੂਰਥਲਾ ਦੇ ਕਰਤਾਰਪੁਰ ਰੋਡ ‘ਤੇ ਸਥਿਤ ਪਿੰਡ ਕਾਦੂਪੁਰ ‘ਚ ਸਥਿਤ ਪ੍ਰਵਾਸੀ ਮਜ਼ਦੂਰਾਂ ਦੀਆਂ 7-8 ਝੌਂਪੜੀਆਂ ਨੂੰ ਅੱਜ ਸ਼ਾਮ ਅਚਾਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ‘ਚ ਸਭ ਕੁਝ ਸੜ ਕੇ ਸੁਆਹ ਹੋ ਗਿਆ।
ਦੱਸ ਦਈਏ ਕਿ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਕਰੀਬ ਦੋ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਮੌਕੇ ’ਤੇ ਮੌਜੂਦ ਥਾਣਾ ਕੋਤਵਾਲੀ ਦੇ ਐਸਐਚਓ ਪਲਵਿੰਦਰ ਸਿੰਘ ਨੇ ਦੱਸਿਆ ਕਿ ਸਾਰੀਆਂ ਝੁੱਗੀਆਂ ਵਿੱਚ ਪਿਆ ਸਾਰਾ ਸਾਮਾਨ ਅੱਗ ਨਾਲ ਸੜ ਕੇ ਸੁਆਹ ਹੋ ਗਿਆ, ਜਦਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਸ਼ਾਮ ਕਰੀਬ 4:30 ਵਜੇ ਪਿੰਡ ਕਾਦੂਪੁਰ ਵਿੱਚ ਸਥਿਤ ਪ੍ਰਵਾਸੀ ਮਜ਼ਦੂਰਾਂ ਦੀਆਂ 7-8 ਝੌਂਪੜੀਆਂ ਨੂੰ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਉਥੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਲੋਕ ਇਧਰ-ਉਧਰ ਭੱਜਣ ਲੱਗੇ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਪੀਸੀਆਰ ਟੈਂਗੋ 2 ਅਤੇ ਫਾਇਰ ਬ੍ਰਿਗੇਡ ਦੀ ਟੀਮ ਪਹਿਲਾਂ ਮੌਕੇ ‘ਤੇ ਪਹੁੰਚੀ ਅਤੇ ਝੁੱਗੀ-ਝੌਂਪੜੀ ਵਾਲਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ।
ਮੌਕੇ ’ਤੇ ਪੁੱਜੇ ਡੀਐਸਪੀ ਸਬ ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ’ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਅਤੇ ਪੁਲੀਸ ਦੀਆਂ ਟੀਮਾਂ ਜੁਟੀਆਂ ਹੋਈਆਂ ਹਨ।











