ਮਾਲੇਰਕੋਟਲਾ 20 ਅਗਸਤ : ਵਾਤਾਵਰਨ ਵਿੱਚ ਪ੍ਰਦੂਸ਼ਨ ਦੀ ਰੋਕਥਾਮ ਅਤੇ ਪੰਜਾਬ ਰਾਜ ਵਿੱਚ ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਦੇ ਦੂਜੇ ਪੜਾਅ ਤਹਿਤ ਅਨਾਜ ਮੰਡੀ ਮਾਲੇਰਕੋਟਲਾ ਵਿੱਚ ਬੂਟੇ ਲਗਾਏ। ਜਿਨ੍ਹਾਂ ਦੀ ਜਿਮੇਦਾਰੀ ਉੱਥੇ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੌਂਪੀ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਰੰਭੀ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦਾ ਸੱਦਾ ਦਿੰਦਿਆ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਬੂਟੇ ਲਗਾ ਕੇ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਜਿਨ੍ਹਾਂ ਮਨੁੱਖੀ ਜੀਵਨ ਅਹਿਮ ਹੈ, ਉਨ੍ਹਾਂ ਹੀ ਵਾਤਾਵਰਨ ਵੀ ਅਹਿਮ ਹੈ ਤੇ ਇਸ ਨੂੰ ਬਚਾਉਣ ਦੇ ਲਈ ਸਾਰਿਆਂ ਨੂੰ ਕੁਦਰਤ ਨਾਲ ਜੁੜਣ ਦੀ ਲੋੜ ਹੈ। ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ ਬੱਚਿਆਂ ਵਾਂਗ ਉਨ੍ਹਾਂ ਦੀ ਦੇਖ-ਰੇਖ ਕਰਨੀ ਚਾਹੀਦੀ ਹੈ ਤਾਂ ਜੋ ਸਾਡਾ ਆਲਾ-ਦੁਆਲਾ ਹਰਿਆ-ਭਰਿਆ ਰਹਿ ਸਕੇ।
ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਹਰਿਆਵਲ ਮੁਹਿੰਮ ਤਹਿਤ ਸਾਲ 2023-24 ਦੌਰਾਨ ਪੰਜਾਬ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿੱਚ 30 ਹਜਾਰ ਬੂਟੇ ਲਗਾਉਣ ਦੇ ਆਪਣੇ ਟੀਚੇ ਨੂੰ ਪਾਰ ਕਰਦਿਆਂ ਹੋਇਆ 33000 ਤੋਂ ਵੱਧ ਫ਼ਲਦਾਰ, ਛਾਂਦਾਰ ਅਤੇ ਮੈਡੀਸਨ ਦੇ ਪੌਦੇ ਲਗਾਏ ਗਏ ਸਨ ਅਤੇ ਇਸ ਸੀਜਨ ਵਿੱਚ 35 ਹਜਾਰ ਤੋਂ ਵੱਧ ਬੂਟੇ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ ਤੇ ਹੁਣ ਤੱਕ ਕਰੀਬ 50 ਹਜਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਸਾਰੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਆੜ੍ਹਤੀਆਂ, ਕਿਸਾਨਾਂ ਆਦਿ ਨੂੰ ਆਪਣੇ ਆਲੇ-ਦੁਆਲੇ ਪੰਜ-ਪੰਜ ਬੂਟੇ ਲਾਜ਼ਮੀ ਲਗਾਉਣ ਅਤੇ ਆਪਣੇ ਜਨਮ ਦਿਨ ਮੌਕੇ ਦੋ-ਦੋ ਬੂਟੇ ਹੋਰ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਚੇਅਰਮੈਨ ਵੱਲੋਂ 07 ਕਰੋੜ 30 ਲੱਖ ਰੁਪਏ ਨਾਲ ਮੰਡੀ ਬੋਰਡ ਅਧੀਨ ਆਉਂਦੀਆਂ 14 ਸੜਕਾਂ ਦੀ ਰਿਪੇਅਰ/ਨਵੀਨੀਕਰਨ ਕਰਵਾਉਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਮਾਲੇਰਕੋਟਲਾ ਮੰਡੀ ਦੀ ਚਾਰਦੀਵਾਰੀ ਦਾ ਕੰਮ ਵੀ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਹੂਲਤਾਂ ਦੇਣ ਅਤੇ ਮੰਡੀ ਬੋਰਡ ਦੀ ਆਮਦਨ ਵਿੱਚ ਵਾਧਾ ਕਰਨ ਪੰਜਾਬ ਦੀਆਂ ਮੰਡੀਆਂ ਵਿੱਚ ਏ.ਟੀ.ਐਮ ਅਤੇ ਯੂਨੀਪੋਲ ਲਗਾਏ ਜਾ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਸਥਿਤ ਕਿਸਾਨ ਭਵਨ ਤੋਂ ਵੀ ਮੰਡੀ ਬੋਰਡ ਨੂੰ ਕਰੀਬ 4 ਕਰੋੜ 13 ਲੱਖ ਰੁਪਏ ਵਿੱਤੀ ਆਮਦਨ ਹੋਈ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਮੰਡੀਆਂ ਵਿੱਚ ਇਨਡੋਰ ਸਟੇਡੀਅਮ ਬਣਾਏ ਜਾ ਰਹੇ ਹਨ, ਤਾਂ ਜੋ ਉੱਥੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਦੀ ਸਿਖਲਾਈ ਦਿੱਤੀ ਜਾ ਸਕੇ।
----------- Advertisement -----------
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਲੋਕ ਲਹਿਰ ‘ਚ ਬਦਲਣ ਦਾ ਦਿੱਤਾ ਸੱਦਾ
Published on
----------- Advertisement -----------
----------- Advertisement -----------









