ਸਾਕਾ ਨੀਲਾ ਤਾਰਾ ਦੀ ਬਰਸੀ ਨੇੜੇ ਆਉਂਦੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਵੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਵਾਧੂ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਪੁਲਿਸ ਫੋਰਸ ਦਾ ਜਾਇਜ਼ਾ ਲੈਣ ਲਈ ਐਤਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡੀਜੀਪੀ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੇ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡੀਜੀਪੀ ਪਰਮਿੰਦਰ ਸਿੰਘ ਭੰਡਾਲ ਵੀ ਸਨ। ਖਾਸ ਤੌਰ ‘ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਣ ਅਤੇ ਬਿਨਾਂ ਜਾਂਚ ਦੇ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਵਰਜਿਆ ਹੈ। ਅਰਪਿਤ ਸ਼ੁਕਲਾ ਨੇ ਪੁਲਿਸ ਅਧਿਕਾਰੀਆਂ ਅਤੇ ਰਿਜ਼ਰਵ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਰਿਜ਼ਰਵ ਬਲਾਂ ਦੀਆਂ 4 ਕੰਪਨੀਆਂ ਅਤੇ ਹੋਰ ਜ਼ਿਲ੍ਹਿਆਂ ਦੇ 3 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ। ਸਾਰਿਆਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਸੂਚਨਾ ਹੈ ਕਿ ਸੋਮਵਾਰ ਸ਼ਾਮ ਤੋਂ ਹੀ ਕੁਝ ਗਰਮ ਖਿਆਲੀ ਜਥੇਬੰਦੀਆਂ ਦੇ ਅਹੁਦੇਦਾਰਾਂ ਨੂੰ ਨਜ਼ਰਬੰਦ ਕੀਤਾ ਜਾ ਸਕਦਾ ਹੈ। ਇਸ ਵਾਰ ਪੁਲਿਸ ਸੁਰੱਖਿਆ ਨੂੰ ਲੈ ਕੇ ਕੋਈ ਲਾਪਰਵਾਹੀ ਨਹੀਂ ਵਰਤ ਸਕਦੀ। ਗਰਮ ਖਿਆਲੀ ਜਥੇਬੰਦੀਆਂ ਵੱਲੋਂ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਗਿਆ ਹੈ ਪਰ ਪੰਜਾਬ ਸਰਕਾਰ ਇਸ ਸਾਲ ਬੰਦ ਦਾ ਸਮਰਥਨ ਕਰਦੀ ਨਜ਼ਰ ਨਹੀਂ ਆ ਰਹੀ। ਡੀਜੀਪੀ ਸ਼ੁਕਲਾ ਨੇ ਵੀ ਸਪੱਸ਼ਟ ਕੀਤਾ ਹੈ ਕਿ ਲੋਕ ਆਪਣੇ ਵਿਸ਼ਵਾਸ ਅਨੁਸਾਰ ਬੰਦ ਦਾ ਸਮਰਥਨ ਕਰ ਸਕਦੇ ਹਨ। ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।












