ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਘਰੇਲੂ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕਤਲ ਕਰਨ ਵਾਲੇ ਵਿਅਕਤੀ ਨੂੰ ਤੁਰੰਤ ਗ੍ਰਿਫਤਾਰ ਕਰਕੇ ਕਾਰਵਾਈ ਕੀਤੀ ਜਾਵੇ।
ਦੱਸ ਦਈਏ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਕੋਟਲੀ ਕਲਾਂ ਵਿੱਚ ਅੱਜ ਸਵੇਰੇ ਬਿੱਕਰ ਸਿੰਘ ਨੇ ਆਪਣੀ ਪਤਨੀ ਵੀਰਪਾਲ ਕੌਰ ਦਾ ਕਤਲ ਕਰ ਦਿੱਤਾ। ਵੀਰਪਾਲ ਕੌਰ ਦੋ ਬੱਚਿਆਂ ਦੀ ਮਾਂ ਹੈ। ਮ੍ਰਿਤਕ ਔਰਤ ਦੇ ਪਰਿਵਾਰਕ ਮੈਂਬਰਾਂ ਬਬਲੀ ਸਿੰਘ, ਅਮਨਦੀਪ ਸਿੰਘ ਅਤੇ ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦਾ ਵਿਆਹ 19 ਸਾਲ ਪਹਿਲਾਂ ਇੱਥੋਂ ਦੇ ਬਿੱਕਰ ਸਿੰਘ ਨਾਲ ਹੋਇਆ ਸੀ। ਉਨ੍ਹਾਂ ਦੇ ਦੋ ਬੱਚੇ ਹਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਬਿੱਕਰ ਸਿੰਘ ਨੇ ਆਪਣੀ ਪਤਨੀ ਵੀਰਪਾਲ ਕੌਰ ਦਾ ਕਤਲ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਪਤੀ-ਪਤਨੀ ਵਿਚਕਾਰ ਘਰੇਲੂ ਝਗੜਾ ਚੱਲ ਰਿਹਾ ਸੀ।
ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਸਦਰ ਥਾਣਾ ਇੰਚਾਰਜ ਗੁਰਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ‘ਚ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ‘ਤੇ ਔਰਤ ਵੀਰਪਾਲ ਕੌਰ ਦੇ ਪਤੀ ਬਿੱਕਰ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।