ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀਆਂ ਅਸਥੀਆਂ ਨੂੰ ਕੱਲ੍ਹ ਮਿਤੀ 3 ਮਈ ਨੂੰ ਕੀਰਤਪੁਰ ਸਾਹਿਬ ਵਿਖੇ ਸਵੇਰੇ 11 ਵਜੇ ਜਲ-ਪ੍ਰਵਾਹ ਕੀਤਾ ਜਾਵੇਗਾ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਦੀ 25 ਅਪ੍ਰੈਲ ਨੂੰ ਮੋਹਾਲੀ ਦੇ ਹਸਪਤਾਲ ‘ਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ 27 ਅਪ੍ਰੈਲ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 4 ਮਈ ਨੂੰ ਪਿੰਡ ਬਾਦਲ ਸਥਿਤ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿਖੇ ਰੱਖਿਆ ਗਿਆ ਹੈ।

ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਅਰਦਾਸ ਦੇ ਪ੍ਰੋਗਰਾਮ ਸਬੰਧੀ ਅੱਜ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਅਤੇ ਐਸ.ਐਸ.ਪੀ. ਹਰਮਨਬੀਰ ਗਿੱਲ ਨੇ ਕੀਤੀਆਂ ਜਾ ਰਹੀਆਂ ਤਿਆਰੀਆਂ ਦੀ ਸਮੀਖਿਆ ਕੀਤੀ ਅਤੇ ਰੂਟ ਪਲਾਨ ਜਾਰੀ ਕੀਤਾ । ਜਾਰੀ ਕੀਤੇ ਗਏ ਰੂਟ ਪਲਾਨ ਮੁਤਾਬਿਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਅਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ । ਇਸੇ ਤਰ੍ਹਾਂ ਲੰਬੀ, ਖਿਓਵਾਲੀ ਅਤੇ ਮਹਿਣਾਂ ਵਾਲੇ ਪਾਸਿਓੁਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਜੀ.ਜੀ.ਐਸ. ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਗੱਡੀ ਖੜ੍ਹੀ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ ।












