ਲੁਧਿਆਣਾ, 23 ਜੁਲਾਈ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸਿ਼ਰਕਤ ਕੀਤੀ।
ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।
ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਖੰਨਾ ਨੇੜਲੇ ਪਿੰਡ ਈਸੜੂ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ।
ਪਿੰਡ ਈਸੜੂ ਦੇ ਵਸਨੀਕ ਹਰਦੀਪ ਸਿੰਘ ਨੇ ਜਾਤੀ ਸਰਟੀਫਿਕੇਟ ਬਣਾਉਣ ਲਈ ਅਰਜ਼ੀ ਦਿੱਤੀ ਅਤੇ ਕੈਂਪ ਵਿੱਚ ਤਹਿਸੀਲ ਦਫ਼ਤਰ ਖੰਨਾ ਦੇ ਅਧਿਕਾਰੀਆਂ ਵੱਲੋਂ ਤੁਰੰਤ ਪ੍ਰਵਾਨਗੀ ਦੇ ਕੇ ਜਾਤੀ ਸਰਟੀਫਿਕੇਟ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ। ਰਾਜਿੰਦਰ ਸਿੰਘ ਵਾਸੀ ਪਿੰਡ ਰੋਹਣੋ ਖੁਰਦ, ਕਿਰਪਾਲ ਸਿੰਘ ਵਾਸੀ ਪਿੰਡ ਟੌਂਸਾ, ਨਾਇਬ ਸਿੰਘ ਅਤੇ ਹਰਦੀਪ ਸਿੰਘ ਵਾਸੀ ਈਸੜੂ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਜਨਤਾ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ। ਉਹਨਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਅਸੀਂ ਹਰ ਮੰਗਲਵਾਰ ਤੇ ਸ਼ੁੱਕਰਵਾਰ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਤੇ ਕੈਪ ਲਗਾਉਂਦੇ ਹਾਂ। ਉਹਨਾਂ ਕਿਹਾ ਕਿ ਸਵੇਰ ਤੋਂ ਹੀ ਬਹੁਤ ਸਾਰੇ ਲੋਕ ਇੱਥੇ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਜਾ ਚੁੱਕੀਆ ਹਨ।












