ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਵਿਸ਼ਵ ਭਰ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਅੱਜ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀਆਂ ਹਨ। ਇਸ ਤੋਂ ਪਹਿਲਾਂ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਉਪਰੰਤ ਸ਼ਾਮ ਨੂੰ ਆਤਿਸ਼ਬਾਜ਼ੀ ਕੀਤੀ ਜਾਵੇਗੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਪਵਿੱਤਰ ਦਿਹਾੜੇ ‘ਤੇ ਦੇਸ਼-ਵਿਦੇਸ਼ ‘ਚ ਵੱਸਦੀ ਸਿੱਖ ਕੌਮ ਅਤੇ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।
ਦੱਸ ਦਈਏ ਕਿ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸੁੰਦਰ ਫੁੱਲਾਂ ਨਾਲ ਸਜਾਇਆ ਗਿਆ ਹੈ। ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਸੱਚਖੰਡ ਪਹੁੰਚ ਰਹੀਆਂ ਹਨ।