ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਕੈਬਨਿਟ ਦੀ ਇਹ ਮੀਟਿੰਗ ਅੱਜ ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ‘ਤੇ ਹੋਈ। ਸੀਐਮ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸਹਾਇਕ ਪ੍ਰੋਫ਼ੈਸਰਾਂ ਦੀ ਉਮਰ ਹੱਦ 37 ਤੋਂ ਵਧਾ ਕੇ 42 ਸਾਲ ਕੀਤੀ ਗਈ ਹੈ। ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿਚ ਸਹਾਇਕ ਪ੍ਰੋਫ਼ੈਸਰਾਂ ਦੀਆਂ ਪੋਸਟਾਂ ਕੱਢੀਆਂ ਜਾਣਗੀਆਂ, ਕੈਬਨਿਟ ਨੇ ਅੱਜ ਹਰੀ ਝੰਡੀ ਦੇ ਦਿੱਤੀ ਹੈ।
ਇਸ ਤੋਂ ਇਲਾਵਾ ਮੀਟਿੰਗ ਚ ਫੈਸਲਾ ਲਿਆ ਗਿਆ ਕਿ ਖੂਨ ਦੇ ਰਿਸ਼ਤੇ (Blood relation) ਵਿੱਚ ਪਾਵਰ ਆਫ ਅਟਾਰਨੀ ਬਿਲਕੁੱਲ ਮੁਫਤ ਹੋਵੇਗੀ। ਬਲੱਡ ਰਿਲੇਸ਼ਨ ਤੋਂ ਬਾਹਰ 2% ਟੈਕਸ ਲਗਾਇਆ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਨੇ ਗੁਰਬਾਣੀ ਪ੍ਰਸਾਰਣ ਸਬੰਧੀ ਵੀ ਸਥਿਤੀ ਸਪੱਸ਼ਟ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਗੁਰਦੁਆਰਾ ਐਕਟ ਵਿੱਚ ਸੋਧ ਨਹੀਂ ਕਰ ਰਹੇ। ਗੁਰਬਾਣੀ ਦੇ ਪ੍ਰਸਾਰਣ ਲਈ ਉਚਿਤ ਸ਼ਰਤਾਂ ਤੈਅ ਕੀਤੀਆਂ ਜਾਣਗੀਆਂ। ਟੀਵੀ ਅਤੇ ਯੂਟਿਊਬ ਲਈ ਵੱਖਰੇ ਨਿਯਮ ਹੋਣਗੇ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਕਾਰਵਾਈ ਕੀਤੀ ਜਾਵੇਗੀ। ਕੋਈ ਵੀ ਵਪਾਰਕ ਵਿਗਿਆਪਨ ਗੁਰਬਾਣੀ ਤੋਂ ਅੱਧਾ ਘੰਟਾ ਪਹਿਲਾਂ ਜਾਂ ਅੱਧੇ ਘੰਟੇ ਬਾਅਦ ਨਹੀਂ ਚੱਲੇਗਾ। ਗੁਰਬਾਣੀ ਦੇ ਪ੍ਰਸਾਰਣ ਦੌਰਾਨ ਕੋਈ ਵੀ ਐਡ ਨਹੀਂ ਚਲੇਗੀ।