ਪੰਜਾਬ ਸਰਕਾਰ ਦੇ ਸਾਹਮਣੇ ਕਈ ਚੁਣੌਤੀਆਂ ਆਈਆਂ ਹਨ। ਪਰ ਸੂਬੇ ਦੀ ਸਭ ਤੋਂ ਵੱਡੀ ਸਮੱਸਿਆ ਨੌਜਵਾਨਾਂ ਵਿੱਚ ਵੱਧ ਰਿਹਾ ਨਸ਼ਾ ਹੈ। ਇਹ ਸਥਿਤੀ ਉਸ ਸਮੇਂ ਦੀ ਹੈ ਜਦੋਂ ਚੋਣ ਪ੍ਰਚਾਰ ਦੌਰਾਨ ‘ਆਪ’ ਨੇ ਪੰਜਾਬ ਵਿੱਚੋਂ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ। ਪਰ ਇਲਜ਼ਾਮ ਹਨ ਕਿ ਪਿਛਲੇ ਡੇਢ ਸਾਲ ਵਿੱਚ ਨਸ਼ੇ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਸਮੇਂ-ਸਮੇਂ ‘ਤੇ ਕਈ ਵਿਸ਼ੇਸ਼ ਅਪ੍ਰੇਸ਼ਨ ਚਲਾਏ ਗਏ।
‘ਆਪ’ ਸਰਕਾਰ ਦੇ ਸੱਤਾ ‘ਚ ਆਉਣ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਕੁੱਲ 18130 ਐਨਡੀਪੀਐਸ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਨਾਮਜ਼ਦ ਮੁਲਜ਼ਮਾਂ ਵਿੱਚੋਂ ਕੁੱਲ 1166 ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸੀਮਾ ਸੁਰੱਖਿਆ ਬਲ ਅਤੇ ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਨਸ਼ਾ ਤਸਕਰੀ ਦੇ ਮਾਡਿਊਲਾਂ ਦਾ ਪਰਦਾਫਾਸ਼ ਕਰਨ ਤੋਂ ਇਲਾਵਾ ਸਰਹੱਦੀ ਖੇਤਰਾਂ ਤੋਂ ਨਸ਼ਿਆਂ ਦੀਆਂ ਵੱਡੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ।
ਪੰਜਾਬ ਪੁਲਿਸ ਪਿਛਲੇ ਡੇਢ ਸਾਲ ਤੋਂ ਲਗਾਤਾਰ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਕਰਕੇ ਹੁਣ ਤੱਕ ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੀਆਂ ਵੱਡੀਆਂ ਖੇਪਾਂ ਬਰਾਮਦ ਹੋਈਆਂ ਹਨ। ਪੰਜਾਬ ਪੁਲਿਸ ਦੇ ਏਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਦਰਜ ਕੀਤੀਆਂ ਕੁੱਲ ਐਫਆਈਆਰਜ਼ ਵਿੱਚੋਂ ਹੁਣ ਤੱਕ ਵਪਾਰਕ ਮਾਤਰਾ ਦੇ 2099 ਕੇਸ ਦਰਜ ਕੀਤੇ ਗਏ ਹਨ। ਇਨ੍ਹਾਂ ਤੋਂ ਇਲਾਵਾ ਦਰਮਿਆਨੀ ਅਤੇ ਛੋਟੀ ਮਾਤਰਾ ਦੀਆਂ ਕੁੱਲ 16002 ਐਫਆਈਆਰ ਦਰਜ ਹਨ।