ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ 18 ਨਵੰਬਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸੂਬੇ ਵਿਚ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫੈਸਲੇ ਤੇ ਮੋਹਰ ਲਗਾ ਦਿੱਤੀ ਗਈ ਜਿਸ ਨਾਲ 1.75 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਨੂੰ ਸਿੱਧਾ ਲਾਭ ਹੋਵੇਗਾ। ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਸੂਬਾ ਸਰਕਾਰ ਨੇ ਨਵੀਂ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਸੇਵਾਵਾਂ ਨਿਭਾਅ ਰਹੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਨੂੰ ਮਨਜ਼ੂਰ ਕੀਤਾ ,ਜਿਸ ਨਾਲ ਸੂਬੇ ਦੇ ਮੁਲਾਜ਼ਮਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ। ਇਸ ਨਾਲ ਐਨ.ਪੀ.ਐਸ. ਅਧੀਨ 1.75 ਲੱਖ ਤੋਂ ਵੱਧ ਮੁਲਾਜ਼ਮਾਂ ਨੂੰ ਫਾਇਦਾ ਹੋਵੇਗਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸੂਬੇ ਦੇ 1.26 ਲੱਖ ਮੁਲਾਜ਼ਮ ਪਹਿਲਾਂ ਹੀ ਮੌਜੂਦਾ ਪੁਰਾਣੀ ਪੈਨਸ਼ਨ ਸਕੀਮ ਦੇ ਦਾਇਰੇ ਹੇਠ ਆਉਂਦੇ ਹਨ। ਇਸ ਸੰਬੰਧੀ ਬੁਲਾਰੇ ਨੇ ਦੱਸਿਆ ਕਿ ਅਗਲੇ ਪੰਜ ਸਾਲਾਂ ਵਿਚ ਹੀ 4100 ਮੁਲਾਜ਼ਮਾਂ ਨੂੰ ਇਸ ਸਕੀਮ ਦਾ ਲਾਭ ਮਿਲਣ ਦੀ ਸੰਭਾਵਨਾ ਹੈ। ਇਹ ਸਕੀਮ ਸਰਕਾਰੀ ਮੁਲਾਜ਼ਮਾਂ ਦਾ ਭਵਿੱਖ ਸੁਰੱਖਿਅਤ ਬਣਾਉਣ ਦੇ ਨਾਲ-ਨਾਲ ਸੂਬੇ ਪ੍ਰਤੀ ਮੁਲਾਜ਼ਮਾਂ ਦੇ ਮਿਸਾਲੀ ਯੋਗਦਾਨ ਦੇ ਉਦੇਸ਼ ਨਾਲ ਲਾਗੂ ਕੀਤੀ ਗਈ ਹੈ।












