ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਲਿਆਉਣ ਅਤੇ ਮਾਲੀਏ ਨੂੰ ਲਗਦੇ ਖੋਰੇ ਨੂੰ ਰੋਕਣ ਲਈ ਅਹਿਮ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਰਕਾਰ ਵੱਲੋਂ ਕਾਗ਼ਜ਼ੀ ਰੂਪ ਵਿੱਚ ਮਿਲਦੇ ਸਟੈਂਪ ਪੇਪਰ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਅਤੇ ਈ-ਸਟੈਂਪ ਸਹੂਲਤ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਤੋਂ ਹਰੇਕ ਕੀਮਤ ਦੇ ਸਟੈਂਪ ਪੇਪਰ ਨੂੰ ਈ-ਸਟੈਂਪ ਰਾਹੀਂ ਯਾਨੀ ਕੰਪਿਊਟਰ ਤੋਂ ਪਿ੍ੰਟ-ਆਊਟ ਰਾਹੀਂ ਕਿਸੇ ਵੀ ਅਸ਼ਟਾਮ ਫ਼ਰੋਸ਼ ਜਾਂ ਪੰਜਾਬ ਸਰਕਾਰ ਵੱਲੋਂ ਅਧਿਕਾਰਤ ਬੈਂਕਾਂ ਤੋਂ ਪ੍ਰਾਪਤ ਕੀਤਾ ਜਾ ਸਕੇਗਾ।
ਇਸ ਸਹੂਲਤ ਦੀ ਸ਼ੁਰੂਆਤ ਕਰਨ ਉਪਰੰਤ ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਪਹਿਲਾਂ ਇਹ ਸਹੂਲਤ ਕੇਵਲ 20,000/- ਰੁਪਏ ਤੋਂ ਉੱਪਰ ਦੇ ਸਟੈਂਪ ਪੇਪਰਾਂ ਉਤੇ ਉਪਲਬਧ ਸੀ। ਉਨ੍ਹਾਂ ਕਿਹਾ, “ਅਸੀਂ ਹੁਣ ਇਹ ਸਹੂਲਤ ਇੱਕ ਰੁਪਏ ਦੇ ਸਟੈਂਪ ਪੇਪਰ ਤੱਕ ਕਰ ਦਿੱਤੀ ਹੈ, ਭਾਵ ਸਾਰੇ ਸਟੈਂਪ ਪੇਪਰ ਹੁਣ ਈ-ਸਟੈਂਪ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ।” ਉਨ੍ਹਾਂ ਦੱਸਿਆ ਕਿ ਈ-ਸਟੈਂਪ ਪ੍ਰਣਾਲੀ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਨੰ: ਈ-ਆਫਿਸ/188125-ST-2/7616, ਮਿਤੀ 27.05.2022 ਜਾਰੀ ਕੀਤਾ ਜਾ ਚੁੱਕਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਗਏ ਇਸ ਫ਼ੈਸਲੇ ਨਾਲ ਸਾਲਾਨਾ ਤਕਰੀਬਨ 35 ਕਰੋੜ ਰੁਪਏ ਦੀ ਬੱਚਤ ਹੋਵੇਗੀ, ਜੋ ਸਟੈਂਪ ਪੇਪਰਾਂ ਦੀ ਛਪਾਈ ‘ਤੇ ਖ਼ਰਚ ਹੁੰਦੇ ਸਨ। ਇਸ ਤੋਂ ਇਲਾਵਾ ਆਮ ਲੋਕਾਂ ਨੂੰ ਬਗ਼ੈਰ ਕਿਸੇ ਮੁਸ਼ਕਲ ਦੇ ਸਟੈਂਪ ਪੇਪਰ ਉਪਲਬਧ ਹੋਣਗੇ ਕਿਉਂਕਿ ਪਹਿਲਾਂ ਕਈ ਵਾਰ ਸਟੈਂਪ ਪੇਪਰ ਲੈਣ ਸਮੇਂ ਆਮ ਲੋਕਾਂ ਨੂੰ ਦਿੱਕਤ ਆਉਂਦੀ ਸੀ ਜਾਂ ਅਸ਼ਟਾਮ ਫ਼ਰੋਸ਼ਾਂ ਕੋਲ ਸਟੈਂਪ ਪੇਪਰ ਉਪਲਬਧ ਨਹੀਂ ਹੁੰਦੇ ਸਨ ਜਾਂ ਲੋਕਾਂ ਨੂੰ ਵੱਧ ਰੇਟਾਂ ਉਤੇ ਮੁਹੱਈਆ ਕਰਵਾਏ ਜਾਂਦੇ ਸਨ। ਜ਼ਿਕਰਯੋਗ ਹੈ ਕਿ ਵਿਭਾਗ ਵੱਲੋਂ ਪੰਜ ਹੋਰ ਈ-ਸਹੂਲਤਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਰਜ਼ਾ/ਹਾਈਪੌਥੀਕੇਸ਼ਨ ਐਗਰੀਮੈਂਟ, ਐਗਰੀਮੈਂਟ ਆਫ ਪਲੈੱਜ, ਹਲਫ਼ੀਆ ਬਿਆਨ ਤੇ ਹਲਫ਼ਨਾਮਾ, ਡਿਮਾਂਡ ਪ੍ਰੌਮਿਸਰੀ ਨੋਟ ਅਤੇ ਇਨਡਿਮਨਟੀ ਬਾਂਡ ਸ਼ਾਮਲ ਹਨ। ਇਹ ਦਸਤਾਵੇਜ਼ ਵੀ ਹੁਣ ਸਿੱਧੇ ਕੰਪਿਊਟਰ ਰਾਹੀਂ ਜਾਰੀ ਕੀਤੇ ਜਾ ਸਕਣਗੇ।












