ਗੁਰਦਾਸਪੁਰ ਦੇ ਦੀਨਾਨਗਰ ਕਸਬੇ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਦੀ ਟੱਕਰ ਹੋ ਗਈ ਹੈ। ਹਾਦਸੇ ਦੌਰਾਨ ਕਾਰ ‘ਚ ਸਵਾਰ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦੋਂਕਿ ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਭੇਜਿਆ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸ ਦਈਏ ਕਿ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਕਾਰ ਵਿਚਕਾਰ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ‘ਚ ਕਾਰ ‘ਚ ਸਵਾਰ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ। ਜਦੋਂ ਅਸੀਂ ਮੌਕੇ ‘ਤੇ ਪਹੁੰਚੇ ਤਾਂ ਦੇਖਿਆ ਕਿ ਟੈਕਸੀ ਸਵਾਰ ਔਰਤ ਰਾਜਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਚੁੱਕੀ ਸੀ। ਉਸ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।
ਉਸ ਨੇ ਦੱਸਿਆ ਕਿ ਇਹ ਦੋਵੇਂ ਮਾਂ-ਪੁੱਤ ਪਠਾਨਕੋਟ ਦੇ ਰਹਿਣ ਵਾਲੇ ਸਨ। ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਕੋਹਲੀਆਂ ਆਏ ਹੋਏ ਸੀ। ਵਾਪਸ ਜਾਂਦੇ ਸਮੇਂ ਉਹ ਹਾਦਸੇ ਦਾ ਸ਼ਿਕਾਰ ਹੋ ਗਏ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।












