ਫਰੀਦਕੋਟ 17 ਸਤੰਬਰ – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸੋਧਿਆ ਸ਼ਡਿਊਲ ਜਾਰੀ ਕੀਤਾ ਗਿਆ ਸੀ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਵੱਲੋਂ ਜਾਰੀ ਸ਼ਡਿਊਲ ਸਬੰਧੀ ਜਾਣਕਾਰੀ ਦਿੰਦਿਆਂ ਜਿ਼ਲ੍ਹਾ ਚੋਣ ਅਫਸਰ—ਕਮ—ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਆਈ.ਏ.ਐੱਸ ਨੇ ਦੱਸਿਆ ਕਿ ਹੁਣ ਸੋਧੇ ਰਿਵਾਈਜ਼ਡ ਸ਼ਡਿਊਲ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਲਈ ਫਾਰਮ ਪ੍ਰਾਪਤ ਕਰਨ ਦੀ ਆਖਰੀ ਮਿਤੀ ਵਿੱਚ ਵਾਧਾ ਕਰਕੇ 31 ਅਕਤੂਬਰ, 2024 ਤੱਕ ਕਰ ਦਿੱਤੀ ਗਈ ਹੈ। ਰਿਵਾਈਜ਼ਡ ਸ਼ਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ 14 ਨਵੰਬਰ, 2024 ਨੂੰ ਕੀਤੀ ਜਾਵੇਗੀ।
ਉਨ੍ਹਾਂ ਦੱਸਿਆਂ ਕਿ ਜਿਹੜੇ ਬਿਨੈਕਾਰ ਸਿੱਖ ਗੁਰਦੁਆਰਾ ਬੋਰਡ ਰੂਲਜ਼ 1959 ਦੇ ਰੂਲ ਨੰਬਰ 3 ਅਧੀਨ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਹਨ ਉਹ ਵਿਅਕਤੀ ਹੀ ਫਾਰਮ ਨੰਬਰ 1 ਭਰਕੇ 31 ਅਕਤੂਬਰ, 2024 ਤੱਕ ਜਮਾਂ ਕਰਵਾ ਸਕਣਗੇ। ਇਸ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 03 ਜਨਵਰੀ, 2024 ਨੂੰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ 21 ਸਾਲ ਤੋਂ ਵੱਧ ਉਮਰ ਦਾ ਕੇਸਾਧਾਰੀ ਸਿੱਖ ਜੋ ਆਪਣੇ ਦਾੜ੍ਹੀ ਜਾਂ ਕੇਸਾਂ ਨੂੰ ਨਾ ਕੱਟਦਾ ਹੋਵੇ ਜਾਂ ਸ਼ੇਵ ਨਾ ਕਰਦਾ ਹੋਵੇ ਅਤੇ ਸਿਗਰਟ, ਸ਼ਰਾਬ ਨਾ ਪੀਂਦਾ ਹੋਵੇ ਅਤੇ ਮਾਸ ਦਾ ਸੇਵਨ ਨਾ ਕਰਦਾ ਹੋਵੇ, ਜਿੱਥੇ ਉਹ ਰਹਿੰਦਾ ਹੈ, ਸਿੱਖ ਸਬੰਧਤ ਗੁਰਦੁਆਰਾ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਫਾਰਮ ਨੰ: 1 (ਕੇਸਾਧਾਰੀ ਸਿੱਖ ਲਈ) ਭਰ ਕੇ ਪਿੰਡ/ਸ਼ਹਿਰਾਂ ਵਿੱਚ ਪਟਵਾਰੀਆਂ, ਬੀ.ਐੱਲ.ਓਜ਼., ਡੈਜ਼ੀਗਨੇਟਿਡ ਕਰਮਚਾਰੀਆਂ ਨੂੰ ਦੇ ਸਕਦਾ ਹੈ। ਵੋਟ ਬਣਾਉਣ ਵਾਲੇ ਵਿਅਕਤੀ ਦੀ ਆਸਥਾ ਸਿੱਖ ਧਰਮ ਵਿੱਚ ਹੋਣੀ ਚਾਹੀਦੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੰਨਣ ਵਾਲਾ ਹੀ ਵੋਟ ਬਣਾ ਸਕਦਾ ਹੈ। ਉਨ੍ਹਾਂ ਕੇਸਾਧਾਰੀ ਸਿੱਖ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਫਾਰਮ ਭਰਨ ਸਮੇਂ ਕੁਝ ਜਰੂਰੀ ਹਦਾਇਤਾਂ ਦਾ ਖਾਸ ਧਿਆਨ ਰੱਖਣ ਨੂੰ ਯਕੀਨੀ ਬਣਾਉਣ।
ਉਨ੍ਹਾਂ ਦੱਸਿਆ ਕਿ ਫਾਰਮ ਦੇ ਨਾਲ ਇੱਕ ਪਾਸਪੋਰਟ ਸਾਈਜ਼ ਫੋਟੋ ਦੇ ਨਾਲ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਈ.ਸੀ.ਆਈ.ਵੱਲੋਂ ਜਾਰੀ ਵੋਟਰ ਆਈ.ਡੀ.ਕਾਰਡ (ਫੋਟੋ ਵਾਲਾ), ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੰਸ, ਕਰਮਚਾਰੀਆਂ ਨੂੰ ਜਾਰੀ ਸਰਵਿਸ ਆਈ.ਡੀ.ਕਾਰਡ ਫੋਟੋ ਸਮੇਤ ਜਿਸ ਨੂੰ ਕੇਂਦਰ/ਰਾਜ ਸਰਕਾਰ/ਪੀ.ਐਸ.ਯੂ/ਪਬਲਿਕ ਲਿਮਟਿਡ ਕੰਪਨੀ ਵੱਲੋਂ ਜਾਰੀ ਕੀਤਾ ਹੋਵੇ, ਬੈਂਕ/ਡਾਕਖਾਨੇ ਵੱਲੋਂ ਜਾਰੀ ਪਾਸਬੁੱਕ ਫੋਟੋ ਸਮੇਤ, ਪੈਨ ਕਾਰਡ, ਐਨ.ਪੀ.ਆਰ.ਅਧੀਨ ਆਰ.ਜੀ.ਆਈ.ਵੱਲੋਂ ਜਾਰੀ ਸਮਾਰਟ ਕਾਰਡ, ਮਨਰੇਗਾ ਜਾਬ ਕਾਰਡ ਆਦਿ ਕੋਈ ਵੀ ਇੱਕ ਦਸਤਾਵੇਜ਼ ਨਾਲ ਨੱਥੀ ਕਰਨਾ ਲਾਜ਼ਮੀ ਹੈ।