ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ ਸੁਨੀਤਾ ਚੌਧਰੀ ਦਾ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਜਾਣਕਾਰੀ ਮੁਤਾਬਿਕ ਸੁਨੀਤਾ ਚੌਧਰੀ ਨੇ ਸ਼ਨੀਵਾਰ ਸਵੇਰੇ ਸਾਢੇ ਅੱਠ ਵਜੇ ਪੀਜੀਆਈ ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੁਨੀਤਾ ਚੌਧਰੀ ਦੇ ਬੇਵਕਤੀ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ” ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸੁਨੀਤਾ ਚੌਧਰੀ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਇਹ ਸਾਡੇ ਸਾਰਿਆਂ ਲਈ ਬਹੁਤ ਵੱਡਾ ਘਾਟਾ ਹੈ। ਆਪਣੀ ਸਾਦਗੀ, ਨਿਮਰਤਾ ਅਤੇ ਮਿਹਨਤ ਨਾਲ ਉਹਨਾਂ ਨੇ ਆਪਣੇ ਸਹੁਰਾ ਸਾਬ੍ਹ ਸਵ. ਚੌਧਰੀ ਨੰਦ ਲਾਲ ਜੀ, ਜੋ ਚਾਰ ਵਾਰ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਰਹੇ, ਦੀ ਵਿਰਾਸਤ ਨੂੰ ਬੜੇ ਸੁਚੱਜੇ ਢੰਗ ਨਾਲ ਅੱਗੇ ਤੋਰਿਆ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ। ਇਸ ਦੁੱਖ ਦੀ ਘੜੀ ਵਿੱਚ ਮੈਂ ਚੌਧਰੀ ਪਰਿਵਾਰ ਦੇ ਨਾਲ ਹਾਂ।”
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਬੀਬੀ ਸੁਨੀਤਾ ਚੌਧਰੀ ਦੇ ਮੋਹਾਲੀ ਗ੍ਰਹਿ ਵਿਖੇ ਪੁੱਜ ਕੇ ਅੰਤਿਮ ਦਰਸ਼ਨ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਨਾ ਕੇਵਲ ਬਤੌਰ ਪਾਰਟੀ ਪ੍ਰਧਾਨ, ਸਗੋਂ ਨਿੱਜੀ ਤੌਰ ‘ਤੇ ਵੀ ਮੈਂ ਪੂਰੀ ਤਰ੍ਹਾਂ ਬੀਬੀ ਜੀ ਦੇ ਪਰਿਵਾਰ ਨਾਲ ਖੜ੍ਹਾ ਹਾਂ।











