ਕੋਟਕਪੂਰਾ 12 ਸਤੰਬਰ,2024 – ਨਗਰ ਕੌਂਸਲ ਕੋਟਕਪੂਰਾ ਵੱਲੋਂ ਸਵੱਛ ਭਾਰਤ ਅਭਿਆਨ ਤਹਿਤ ਜੈਵਿਕ ਖਾਦ ਦੀ ਤਿਆਰੀ ਅਤੇ ਸੁਚੱਜੀ ਵਰਤੋ ਸਬੰਧੀ ਕਰਵਾਏ ਗਏ ਜਾਗਰੂਕਤਾ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਆਲ਼ੇ ਦੁਆਲ਼ੇ ਦੀ ਸਾਫ਼ ਸਫ਼ਾਈ ਰੱਖਣ ਤੇ ਕੁਦਰਤੀ ਖੇਤੀ ਤੇ ਜੈਵਿਕ ਖਾਦਾਂ ਦੀ ਵਰਤੋਂ ਕਰਨ ਤਾਂ ਜੋ ਆਉਣ ਵਾਲੀਆਂ ਨਸਲਾਂ ਖ਼ੁਸ਼ਹਾਲ ਰਹਿ ਸਕਣ। ਇਸ ਮੌਕੇ ਕਾਰਜ ਸਾਧਕ ਅਫ਼ਸਰ ਕੋਟਕਪੂਰਾ ਅਮਰਿੰਦਰ ਸਿੰਘ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਦੁਨੀਆ ਦੀ ਸਭ ਤੋਂ ਸੋਹਣੀ ਧਰਤੀ ਪੰਜਾਬ ਦੀ ਧਰਤੀ ਹੈ । ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਸਫਾਈ ਸੰਬੰਧੀ ਆਦਤਾਂ ਨੂੰ ਪੈਦਾ ਕਰਕੇ ਉਨ੍ਹਾਂ ਦਾ ਜੀਵਨ ਪੱਧਰ ਅਤੇ ਸਮਾਜ ਨੂੰ ਬਿਹਤਰ ਬਣਾਉਣਾ ਹੈ । ਉਨ੍ਹਾਂ ਦੱਸਿਆ ਕਿ ਨਗਰ ਕੌਸਲ ਵਲੋਂ ਪਿੰਡਾਂ ਅਤੇ ਸ਼ਹਿਰਾ ਵਿੱਚ ਗਿੱਲਾ ਕੂੜਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਬਕਸਿਆਂ ਵਿੱਚ ਇਕੱਤਰ ਕਰਨ ਲਈ ਰੇਹੜੀਆਂ ਲਗਾਈਆਂ ਗਈਆਂ ਹਨ ਜੋ ਕਿ ਘਰ-ਘਰ ਜਾ ਕੇ ਕੂੜਾ ਇੱਕਠਾ ਕਰਦੀਆਂ ਹਨ
ਉਨ੍ਹਾਂ ਕਿਹਾ ਕਿ ਖੁਲ੍ਹੇ ਵਿੱਚ ਕੂੜਾ ਸੁੱਟਣ ਨਾਲ ਕਈ ਕਿਸਮ ਦੀਆਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਜੋ ਕਿ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਸਾਨੂੰ ਹੀ ਨੁਕਸਾਨ ਪਹੁੰਚਾਉਂਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜੇ ਨੂੰ ਖੁੱਲ੍ਹੇ ਵਿੱਚ ਨਾ ਸੁੱਟਿਆ ਜਾਵੇ । ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਸਭ ਨੂੰ ਅੱਗੇ ਆ ਕੇ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਹੀ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਕੂੜਾ ਬਾਹਰ ਨਾ ਸੁੱਟਿਆ ਜਾਵੇ ਤਾਂ ਥੋੜੇ ਹੀ ਦਿਨਾਂ ਵਿੱਚ ਕੂੜੇ ਦੀ ਵੱਡੀ ਸਮੱਸਿਆ ਦਾ ਹੱਲ ਕੀਤਾ ਜਾ ਸਕਦਾ ਹੈ ।