ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਤਰੱਕੀ ਪ੍ਰਾਪਤ ਵਕੀਲਾਂ ਦੀ ਨਿਯੁਕਤੀ ‘ਚ ਸਿੱਖਾਂ ਦੀ ਅਣਦੇਖੀ ‘ਤੇ ਇਤਰਾਜ਼ ਜਤਾਇਆ ਹੈ। ਸੁਖਬੀਰ ਸਿੰਘ ਬਾਦਲ ਨੇ ਨੇ ਇਸ ਸੰਬੰਧੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮਾਮਲੇ ‘ਚ ਦਖਲ ਦੇਣ ਦੀ ਅਪੀਲ ਕੀਤੀ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ “ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ‘ਚ ਖ਼ੁਦ ਦਖਲ ਦੇਣ, ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜੱਜਾਂ ਦੀ ਨਿਯੁਕਤੀ ਵਿੱਚ ਰਹੀ ਤਰੁੱਟੀ ਦੂਰ ਕਰਕੇ ਇਸ ਮਸਲੇ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਅਨੁਕੂਲ ਹੱਲ ਕਰਨ।”

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਤੁਸੀਂ ਇਸ ਗੱਲੋਂ ਚਿੰਤਤ ਹੋਵੋਗੇ ਕਿ ਕੇਂਦਰ ਸਰਕਾਰ ਵੱਲੋਂ ਨੋਟੀਫਾਈ ਕੀਤੇ ਜੱਜਾਂ ਦੀ ਨਿਯੁਕਤੀ ਵਿੱਚ ਸਿੱਖ ਭਾਈਚਾਰੇ ਦੇ ਇੱਕ ਵੀ ਮੈਂਬਰ ਨੂੰ ਤਰੱਕੀ ਲਈ ਨਹੀਂ ਚੁਣਿਆ ਗਿਆ ਹੈ। ਬਹੁਤ ਨਿਰਾਸ਼ਾਜਨਕ ਕਿਉਂਕਿ ਇਹ ਫੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਸੁਪਰੀਮ ਕੋਰਟ ਵਿੱਚ ਇੱਕ ਵੀ ਸਿੱਖ ਜੱਜ ਨਹੀਂ ਹੈ।













