ਜਲੰਧਰ-ਨਕੋਦਰ ਹਾਈਵੇ ‘ਤੇ ਲਾਂਬੜਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੁਪਹਿਰ ਕਰੀਬ 3:30 ਵਜੇ ਇਕ ਬੇਕਾਬੂ ਕੈਂਟਰ ਨੇ ਇਕ ਤੋਂ ਬਾਅਦ ਇਕ ਕਈ ਵਾਹਨਾਂ ਨੂੰ ਟੱਕਰ ਮਾਰ ਦਿੱਤੀ। ਕੈਂਟਰ ਨੇ ਪੈਦਲ ਜਾ ਰਹੇ ਵਿਅਕਤੀ ਨੂੰ ਵੀ ਕੁਚਲ ਦਿੱਤਾ। ਇਸ ਘਟਨਾ ‘ਚ ਹੁਣ ਤੱਕ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਜਦਕਿ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹਨ।
ਟੱਕਰ ਇੰਨੀ ਜ਼ਬਰਦਸਤ ਸੀ ਕਿ ਨਵੇਂ ਮਾਡਲ ਫਾਰਚੂਨਰ ਦੇ ਪਰਖੱਚੇ ਉਡ ਗਏ। ਫਾਰਚੂਨਰ ਸਵਾਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ। ਪੁਲਿਸ ਅਤੇ ਰਾਹਗੀਰਾਂ ਨੇ ਤੁਰੰਤ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਸਿਵਲ ਹਸਪਤਾਲ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਿਲਹਾਲ ਲਾਂਬੜਾ ਥਾਣੇ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਕੈਂਟਰ ਚਾਲਕ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਗਿਆ ਹੈ।












