SSOC ਐਸ.ਏ.ਐਸ ਨਗਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜੋ ਕਿ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਨਿਰਦੇਸ਼ਾਂ ‘ਤੇ ਐਸ.ਏ.ਐਸ. ਨਗਰ ਵਿੱਚ ਟਾਰਗੇਟ ਕਿਲਿੰਗ ਦੀਆਂ ਯੋਜਨਾਵਾਂ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ। ਤਿੰਨਾਂ ਦੇ ਕਬਜ਼ੇ ‘ਚੋਂ 2 ਵਿਦੇਸ਼ੀ ਹਥਿਆਰ ਅਤੇ 10 ਜਿੰਦਾ ਕਾਰਤੂਸ ਬਰਾਮਦ ਹੋਏ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੱਗੀ ਉਰਫ ਚੀਨੀ, ਅਨਮੋਲ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ ਮਨੀ ਵਜੋਂ ਹੋਈ ਹੈ। ਤਿੰਨੋਂ ਮੁਲਜ਼ਮ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਵਸਨੀਕ ਹਨ। ਗ੍ਰਿਫਤਾਰ ਕੀਤੇ ਗਏ ਤਿੰਨੋਂ ਆਰੋਪੀਆਂ ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਉਹਨਾਂ ਨੂੰ 4 ਦਿਨ ਦੇ ਰਿਮਾਂਡ ਤੇ ਭੇਜਣ ਦੇ ਹੁਕਮ ਦਿਤੇ ਗਏ।
ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਪਤਾ ਲੱਗਾ ਸੀ ਕਿ ਮੁਲਜ਼ਮ ਮੁਹਾਲੀ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਦੇ ਲਈ ਗੈਂਗਸਟਰ ਲੱਕੀ ਪਟਿਆਲ ਨੇ ਪੈਸੇ ਅਤੇ ਹਥਿਆਰਾਂ ਦਾ ਇੰਤਜ਼ਾਮ ਕੀਤਾ ਸੀ। ਇਸ ਵਿੱਚ ਮੁਲਜ਼ਮ ਜਗਜੀਤ ਸਿੰਘ ਗੈਂਗਸਟਰ ਲੱਕੀ ਪਟਿਆਲ ਦੇ ਸਿੱਧੇ ਸੰਪਰਕ ਵਿੱਚ ਸੀ। ਉਹ ਪਹਿਲਾਂ ਵੀ ਕਈ ਮਾਮਲਿਆਂ ਵਿੱਚ ਮੁਲਜ਼ਮ ਹੈ। ਉਸ ‘ਤੇ ਨਸ਼ਾ ਤਸਕਰੀ ਦਾ ਵੀ ਦੋਸ਼ ਹੈ। ਮੁਹਾਲੀ ਐਸਐਸਓਸੀ ਨੇ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 384, 506, 120ਬੀ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਇਨ੍ਹਾਂ ਤਿੰਨਾਂ ਤੋਂ ਇਲਾਵਾ ਲੱਕੀ ਪਟਿਆਲ ਅਤੇ ਇੱਕ ਅਣਪਛਾਤਾ ਵਿਅਕਤੀ ਵੀ ਇਸ ਮਾਮਲੇ ਵਿੱਚ ਸ਼ਾਮਲ ਹੈ।












