ਸੁਨਹਿਰੀ ਭਵਿੱਖ ਦੀ ਆਸ ਵਿਚ ਅਰਬ ਦੇਸ਼ ਗਈਆਂ ਅਤੇ ਫਰਜ਼ੀ ਟਰੈਵਲ ਏਜੰਟਾਂ ਦੇ ਝਾਂਸੇ ਵਿਚ ਆਈਆਂ ਪੰਜਾਬ ਦੀਆਂ ਦੋ ਔਰਤਾਂ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਆਪਣੇ ਵਤਨ ਵਾਪਸ ਪਰਤ ਆਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਇਨ੍ਹਾਂ ਦੋਵਾਂ ਔਰਤਾਂ ਨੂੰ ਦਿੱਲੀ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਆਪ ਲੈਣ ਲਈ ਪੁੱਜੇ।

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਦੋਵਾਂ ਔਰਤਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਟਰੈਵਲ ਏਜੰਟਾਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਵਿਦੇਸ਼ ਜਾਣ ’ਤੇ ਖਰਚ ਕੀਤੇ ਪੈਸੇ ਵਾਪਸ ਕਰਵਾਉਣ ਦੀ ਕੋਸ਼ਿਸ਼ ਕਰਨਗੇ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਦੋਵਾਂ ਔਰਤਾਂ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ। ਇਕ ਪਰਿਵਾਰ ਨੇ ਉਸ ਨਾਲ 31 ਮਈ ਅਤੇ ਦੂਜੇ ਨੇ 8 ਜੂਨ ਨੂੰ ਸੰਪਰਕ ਕੀਤਾ। ਉਦੋਂ ਹੀ ਦੋਵਾਂ ਦਾ ਮਾਮਲਾ ਉਮਾਨ ਸਥਿਤ ਭਾਰਤੀ ਦੂਤਾਵਾਸ ਨੂੰ ਭੇਜਿਆ ਗਿਆ ਸੀ ਅਤੇ ਅੱਜ ਉਹ ਆਪਣੇ ਪਰਿਵਾਰਕ ਮੈਂਬਰਾਂ ਕੋਲ ਆ ਗਈਆਂ ਹਨ।
ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮਾਨਤਾ ਪ੍ਰਾਪਤ ਟਰੈਵਲ ਏਜੰਟਾਂ ਰਾਹੀਂ ਹੀ ਵਿਦੇਸ਼ ਜਾਣ। ਉਨ੍ਹਾਂ ਨੇ ਵਿਦੇਸ਼ ਮੰਤਰੀ ਜੈਸ਼ੰਕਰ ਦਾ ਵੀ ਧੰਨਵਾਦ ਕੀਤਾ, ਜੋ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਿੱਚ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਦੱਸ ਦਈਏ ਕਿ ਕਪੂਰਥਲਾ ਦੇ ਪਿੰਡ ਸੰਧੂ ਚੱਠਾ ਦੀ ਰਹਿਣ ਵਾਲੀ ਸੁਨੀਤਾ ਅਤੇ ਫਤਿਹਗੜ੍ਹ ਸਾਹਿਬ ਦੀ ਜਸਲੀਨ ਕੌਰ ਦੀ ਵਤਨ ਵਾਪਸੀ ਹੋਈ ਹੈ।




