ਚੰਡੀਗੜ, 10 ਸਤੰਬਰ, 2024 – (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਪੁਲਿਸ ਚੌਕੀ ਕਿਲੀ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਮਲਕੀਤ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਬਠਿੰਡਾ ਜ਼ਿਲ੍ਹੇ ਦੇ ਪਿੰਡ ਕਿਲੀ ਨਿਹਾਲ ਸਿੰਘ ਵਾਲਾ ਦੇ ਹੀ ਵਸਨੀਕ ਮਨਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸਦੇ ਖਿਲਾਫ ਸਿੰਚਾਈ ਵਿਭਾਗ ਵੱਲੋਂ ਨਹਿਰੀ ਪਾਣੀ ਨੂੰ ਦੂਸ਼ਿਤ ਕਰਨ ਦੇ ਦੋਸ਼ ਹੇਠ ਉਕਤ ਪੁਲਿਸ ਚੌਕੀ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ ਨੇ ਇਸ ਸਬੰਧੀ ਉਸਦੇ ਹੱਕ ਵਿੱਚ ਰਿਪੋਰਟ ਪੇਸ਼ ਕਰਨ ਬਦਲੇ 5,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਰਿਸ਼ਵਤ ਦੀ ਮੰਗ ਨੂੰ ਲੈ ਕੇ ਉਸਨੇ ਪੁਲਿਸ ਮੁਲਾਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕੀਤੀ ਹੈ ਜੋ ਉਸਨੇ ਵਿਜੀਲੈਂਸ ਨੂੰ ਸੌਂਪ ਦਿੱਤੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।