ਚੰਡੀਗੜ੍ਹ, 1 ਮਾਰਚ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਕੇਂਦਰੀ, ਲੁਧਿਆਣਾ ਵਿਖੇ ਤਾਇਨਾਤ ਵਸੀਕਾ ਨਵੀਸ ਨਿਤਿਨ ਦੱਤ ਨੂੰ 20,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਨੂੰ ਭੁਪੇਸ਼ ਜੋਸ਼ੀ, ਵਾਸੀ ਚੰਦਰ ਨਗਰ, ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ਼ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70,000 ਰੁਪਏ ਰਿਸ਼ਵਤ ਮੰਗੀ ਹੈ।
ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਉਕਤ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।