- ਪੰਜਾਬ ਦੇ ਸਕੂਲਾਂ ਵਿੱਚ 25 ਦਸੰਬਰ ਤੋਂ ਸਰਦ ਰੁੱਤ ਦੀਆਂ ਛੁੱਟੀਆਂ
ਚੰਡੀਗੜ੍ਹ, 21 ਦਸੰਬਰ 2022 – ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਜਿੱਥੇ ਸੂਬਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਸਮੇਤ ਵੈੱਬਸਾਈਟ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਰਹੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ 5 ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਨਲੇਵਾ ਸੜਕ ਹਾਦਸੇ ਵਾਪਰ ਚੁੱਕੇ ਹਨ। ਇਸ ਕਾਰਨ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ ਸਕੂਲ ਖੁੱਲ੍ਹਣ ਦਾ ਸਮਾਂ ਵੀ ਬਦਲ ਦਿੱਤਾ ਹੈ। ਅੱਜ ਤੋਂ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹੇ ਜਾ ਰਹੇ ਹਨ। ਸਕੂਲ ਬੰਦ ਹੋਣ ਦਾ ਸਮਾਂ ਬਦਲ ਕੇ 3 ਵਜੇ ਅਤੇ ਸ਼ਾਮ 4 ਵਜੇ ਕਰ ਦਿੱਤਾ ਗਿਆ ਹੈ।