ਮੁਕਤਸਰ ਦੇ ਗੋਨਿਆਣਾ ਰੋਡ ‘ਤੇ ਇੱਕ ਔਰਤ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਲੜਕੇ ਨੇ ਤਿੰਨ ਮਹੀਨੇ ਪਹਿਲਾਂ ਇਕ ਲੜਕੀ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸੇ ਰੰਜਿਸ਼ ਕਾਰਨ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਗੋਨਿਆਣਾ ਰੋਡ ਦੀ ਰਹਿਣ ਵਾਲੀ ਪਰਮਜੀਤ ਕੌਰ ਉਰਫ ਪੂਜਾ ਪੁੱਤਰ ਰਿੱਕੀ ਗਿੱਲ ਦਾ ਤਿੰਨ ਮਹੀਨੇ ਪਹਿਲਾਂ ਇਲਾਕਾ ਨਿਵਾਸੀ ਨਿਹਾਲ ਸਿੰਘ ਦੀ ਦੋਹਤੀ ਨਾਲ ਪ੍ਰੇਮ ਵਿਆਹ ਹੋਇਆ ਸੀ ਅਤੇ ਹੁਣ 22 ਮਾਰਚ ਨੂੰ ਪੂਜਾ ਦੀ ਲੜਕੀ ਦਾ ਵੀ ਵਿਆਹ ਸੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਥਿਤ ਤੌਰ ‘ਤੇ ਪ੍ਰੇਮ ਵਿਆਹ ਕਰਵਾਉਣ ਵਾਲੀ ਲੜਕੀ ਦੇ ਪਰਿਵਾਰਕ ਮੈਂਬਰਾਂ ‘ਤੇ ਕਤਲ ਦਾ ਸ਼ੱਕ ਜਤਾਇਆ ਹੈ।
ਜਿਸ ਦਿਨ ਤੋਂ ਉਨ੍ਹਾਂ ਦਾ ਵਿਆਹ ਹੋਇਆ ਹੈ, ਉਸ ਦਿਨ ਤੋਂ ਹੀ ਲੜਕੀ ਦੇ ਪਰਿਵਾਰ ਵਾਲੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਆ ਰਹੇ ਹਨ ਪਰ ਹੁਣ ਉਸ ਦੇ ਦੋ ਸਾਲੇ ਅਤੇ ਕੁਝ ਹੋਰ ਲੜਕਿਆਂ ਨੇ ਕਥਿਤ ਤੌਰ ‘ਤੇ ਉਸ ਦੀ ਮਾਂ ਦਾ ਕਤਲ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਸਿਟੀ ਦੇ ਮੁਖੀ ਵਰੁਣ ਵੱਟੂ ਨੇ ਦੱਸਿਆ ਕਿ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਦੂਜੇ ਪਾਸੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।












