ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਅੱਜ 2 ਮਈ ਤੋਂ ਅਗਲੇ ਪੰਜ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸਮੇਂ ਦੌਰਾਨ ਕੁਝ ਥਾਵਾਂ ‘ਤੇ ਗਰਜ-ਤੂਫ਼ਾਨ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਉਮੀਦ ਹੈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਨੇ ਇਸ ਸਬੰਧ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਪਾਰੇ ਵਿਚ ਵੀ ਗਿਰਾਵਟ ਆਏਗੀ। ਪਹਾੜਾਂ ਵਿੱਚ ਮੀਂਹ ਅਤੇ ਗੜੇਮਾਰੀ ਦਾ ਅਸਰ ਤਾਪਮਾਨ ‘ਤੇ ਦਿਸਿਆ ਹੈ।
ਪੰਜਾਬ ਵਿਚ ਤਾਪਮਾਨ 1.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ, ਜੋ ਹੁਣ ਆਮ ਨਾਲੋਂ 2.8 ਡਿਗਰੀ ਘੱਟ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਮੁਤਾਬਕ ਅੱਜ ਸੱਤ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ ਅਤੇ ਰੂਪਨਗਰ ਸ਼ਾਮਲ ਹਨ। ਕੁਝ ਥਾਵਾਂ ‘ਤੇ ਬਿਜਲੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਤੱਕ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ ਹੈ। 11 ਜ਼ਿਲ੍ਹਿਆਂ ਵਿੱਚ ਤਾਪਮਾਨ 35 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ। ਬਠਿੰਡਾ ਏਅਰ ਫੋਰਸ ਸਟੇਸ਼ਨ ‘ਤੇ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਤਾਪਮਾਨ 35.8 ਡਿਗਰੀ ਸੈਲਸੀਅਸ, 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।











