ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਵੱਲੋਂ ਸਿੱਧੂ ਖਿਲਾਫ ਕਾਂਗਰਸ ਅਨੁਸ਼ਾਸਨੀ ਕਮੇਟੀ ਨੂੰ ਸ਼ਿਕਾਇਤ ਭੇਜਣ ਦੀ ਖਬਰ ਹੈ। ਮੀਡਿਆ ਰਿਪੋਰਟਾਂ ਮੁਤਾਬਕ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਨਵਜੋਤ ਸਿੰਘ ਸਿੱਧੂ ਖ਼ਿਲਾਫ਼ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੂੰ ਸ਼ਿਕਾਇਤ ਭੇਜ ਕੇ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਾਇਆ ਹੈ। ਹਰੀਸ਼ ਚੌਧਰੀ ਨੇ ਕਮੇਟੀ ਨੂੰ ਸਿੱਧੂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਮੀਡਿਆ ਰਿਪੋਰਟਾਂ ਮੁਤਾਬਕ ਚੌਧਰੀ ਨੇ ਸੋਨੀਆ ਗਾਂਧੀ ਅਤੇ ਕਾਂਗਰਸ ਅਨੁਸ਼ਾਸਨੀ ਕਮੇਟੀ ਨੂੰ ਪੱਤਰ ਲਿਖ ਕੇ ਸਿੱਧੂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ। ਹਰੀਸ਼ ਚੌਧਰੀ ਨੇ ਇਹ ਪੱਤਰ 23 ਅਪ੍ਰੈਲ ਨੂੰ ਲਿਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਹਰੀਸ਼ ਚੌਧਰੀ ਨੇ ਇਹ ਪੱਤਰ ਕਾਂਗਰਸ ਦੇ ਨਵੇਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸਿਫਾਰਿਸ਼ ‘ਤੇ ਲਿਖਿਆ ਹੈ। ਵੜਿੰਗ ਨੇ ਹਰੀਸ਼ ਚੌਧਰੀ ਨੂੰ ਸ਼ਿਕਾਇਤ ਕੀਤੀ ਸੀ।
ਦੂਜੇ ਪਾਸੇ ਸਿੱਧੂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨਾਲ ਨਜ਼ਦੀਕੀ ਸਬੰਧ ਬਣਾਉਣ ਵਿੱਚ ਰੁੱਝੇ ਹੋਏ ਹਨ। ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ ਅਤੇ ਪਾਰਟੀ ਨੂੰ ਸਲਾਹ ਵੀ ਦਿੱਤੀ ਸੀ। ਪ੍ਰਸ਼ਾਂਤ ਕਿਸ਼ੋਰ ਵੱਲੋਂ ਸਿਆਸੀ ਪਾਰਟੀ ਬਣਾਉਣ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਸਿੱਧੂ ਨੇ ਉਨ੍ਹਾਂ ਦੇ ਸਮਰਥਨ ਵਿੱਚ ਟਵੀਟ ਕੀਤਾ ਹੈ।












