ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ ਉਨ੍ਹਾਂ ਨੂੰ ਹਰ ਮਾਣ-ਸਨਮਾਨ ਦਿੱਤਾ ਹੈ ਅਤੇ ਹੁਣ ਉਨ੍ਹਾਂ ਦੀ ਕੋਈ ਨਿੱਜੀ ਇੱਛਾ ਬਾਕੀ ਨਹੀਂ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਹਾਈ ਕਮਾਂਡ ਹੁਕਮ ਦੇਵੇ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਲਈ ਵੀ ਤਿਆਰ ਹਨ, ਪਰ ਕਾਂਗਰਸ ਦਾ ਸਾਥ ਕਦੇ ਨਹੀਂ ਛੱਡਣਗੇ।
‘ਹਰ ਬੂਥ ਕਾਂਗਰਸ ਮਜ਼ਬੂਤ’ ਬੈਠਕ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਕਾਂਗਰਸ ਨੇ ਉਨ੍ਹਾਂ ਨੂੰ ਦਿੱਲੀ ਵਿੱਚ ਕਿਲ੍ਹੇ ਵਰਗਾ ਸਰਕਾਰੀ ਘਰ ਦਿੱਤਾ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਆਂਢੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ, ਇਸ ਲਈ ਉਹ ਪਾਰਟੀ ਦੇ ਹਰ ਫੈਸਲੇ ਦਾ ਸਤਿਕਾਰ ਕਰਨਗੇ।
ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਅੱਜ ਦੀ ਬੈਠਕ ਦੌਰਾਨ ਮਾਨ ਸਰਕਾਰ ਦਾ ਕੋਈ ਸਮਰਥਕ ਨਾਅਰੇ ਲਗਾਉਣ ਨਹੀਂ ਆਇਆ, ਕਿਉਂਕਿ ਇਹ ਕਾਂਗਰਸੀਆਂ ਦਾ ਗੜ੍ਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹੁਣ ਪੰਜਾਬ ਵਿੱਚ ਮਾਨ ਸਰਕਾਰ ਨੂੰ ਰਸਤਾ ਦਿਖਾਉਣ ਦਾ ਸਮਾਂ ਆ ਗਿਆ ਹੈ।












