ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਸ੍ਰੀ ਆਨੰਦਪੁਰ ਸਾਹਿਬ ਪੁਲੀਸ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨਾਲ ਸਬੰਧਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸੇ ਤਹਿਤ ਪੁਲੀਸ ਵੱਲੋਂ ਐੱਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਦੇ ਓ.ਐੱਸ.ਡੀ. (OSD) ਸਤਬੀਰ ਸਿੰਘ ਤੋਂ ਕਰੀਬ ਚਾਰ ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਡੀ.ਐੱਸ.ਪੀ. ਸ੍ਰੀ ਆਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ 21 ਅਗਸਤ 2026 ਨੂੰ ਐੱਫ.ਆਈ.ਆਰ. ਨੰਬਰ 149 ਦਰਜ ਕੀਤੀ ਗਈ ਸੀ। ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲੀਸ ਵੱਲੋਂ ਵੱਖ-ਵੱਖ ਪੱਖਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਐੱਸ.ਜੀ.ਪੀ.ਸੀ. ਵਿੱਚ ਲੰਮੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਅਤੇ ਇਸ ਵੇਲੇ ਮੁੱਖ ਸਕੱਤਰ ਕੁਲਵੰਤ ਸਿੰਘ ਦੇ ਓ.ਐੱਸ.ਡੀ. ਵਜੋਂ ਤਾਇਨਾਤ ਸਤਬੀਰ ਸਿੰਘ ਤੋਂ ਸਰਾਵਾਂ ਦੇ ਪ੍ਰਬੰਧਾਂ ਅਤੇ ਨਿਯਮਾਂ ਸਬੰਧੀ ਪੁੱਛਗਿੱਛ ਕੀਤੀ ਗਈ ਹੈਡੀ.ਐੱਸ.ਪੀ. ਅਨੁਸਾਰ ਪੁਲੀਸ ਵੱਲੋਂ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸਰਾਵਾਂ ਵਿੱਚ ਸ਼ਰਧਾਲੂਆਂ ਦੀ ਐਂਟਰੀ ਕਿਸ ਪ੍ਰਕਿਰਿਆ ਤਹਿਤ ਹੁੰਦੀ ਹੈ, ਉਹਨਾਂ ਦੇ ਠਹਿਰਨ ਸਬੰਧੀ ਕੀ ਨਿਯਮ ਹਨ ਅਤੇ ਸਬੰਧਤ ਰਿਕਾਰਡ ਕਿਵੇਂ ਦਰਜ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਔਰਤ ਦੇ ਸਰਾਵਾਂ ਵਿੱਚ ਠਹਿਰਨ ਨਾਲ ਸਬੰਧਤ ਰਿਕਾਰਡ ਅਤੇ ਉਸ ਨੂੰ ਉੱਥੇ ਮਿਲੀਆਂ ਸਹੂਲਤਾਂ ਸਬੰਧੀ ਵੀ ਤੱਥ ਇਕੱਠੇ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਪੁਲੀਸ ਇਹ ਵੀ ਜਾਂਚ ਕਰ ਰਹੀ ਹੈ ਕਿ ਸ਼ਿਕਾਇਤਕਰਤਾ ਕਿਹੜੇ ਹਾਲਾਤ ਵਿੱਚ ਸ੍ਰੀ ਆਨੰਦਪੁਰ ਸਾਹਿਬ ਪਹੁੰਚੀ ਅਤੇ ਉਸ ਦੇ ਠਹਿਰਨ ਦੌਰਾਨ ਕੀ ਕੁਝ ਵਾਪਰਿਆ। ਜਾਂਚ ਦੌਰਾਨ ਕਿਸੇ ਵਿਅਕਤੀ ਵੱਲੋਂ ਉਸ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਰੋਕ ਕੇ ਰੱਖਣ ਜਾਂ ਕਿਸੇ ਹੋਰ ਤਰ੍ਹਾਂ ਦੀ ਗਤੀਵਿਧੀ ਦੇ ਦੋਸ਼ ਸਾਹਮਣੇ ਆਉਂਦੇ ਹਨ ਜਾਂ ਨਹੀਂ, ਇਸ ਪੱਖ ਤੋਂ ਵੀ ਜਾਂਚ ਕੀਤੀ ਜਾ ਰਹੀ ਹੈ।
ਡੀ.ਐੱਸ.ਪੀ. ਜਸ਼ਨਦੀਪ ਸਿੰਘ ਨੇ ਦੱਸਿਆ ਕਿ ਮਾਮਲੇ ਵਿੱਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤਾਇਨਾਤ ਕੁਝ ਮੁਲਾਜ਼ਮਾਂ, ਸ਼ਿਕਾਇਤਕਰਤਾ ਦੇ ਬਿਆਨਾਂ ਵਿੱਚ ਨਾਮਜ਼ਦ ਵਿਅਕਤੀਆਂ ਅਤੇ ਮੁੱਖ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਪੁਲੀਸ ਵੱਲੋਂ ਮੁਲਜ਼ਮ ਦੇ ਠਹਿਰਨ ਅਤੇ ਆਉਣ-ਜਾਣ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਦੇ ਨਾਲ-ਨਾਲ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਜਾਂ ਸਾਜ਼ਿਸ਼ ਤਾਂ ਨਹੀਂ।
ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਠਹਿਰਨ ਨਾਲ ਸਬੰਧਤ ਐੱਸ.ਜੀ.ਪੀ.ਸੀ. ਦਾ ਰਿਕਾਰਡ ਹਾਸਲ ਕਰਨ ਲਈ ਕਮੇਟੀ ਨੂੰ ਬਕਾਇਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੁਲੀਸ ਵੱਲੋਂ ਉਪਲੱਬਧ ਦਸਤਾਵੇਜ਼ਾਂ, ਬਿਆਨਾਂ ਅਤੇ ਹੋਰ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ।












