ਅੰਮ੍ਰਿਤਸਰ ਦੇ ਰਾਜਾਸਾਂਸੀ ਥਾਣੇ ਦੇ ਥਾਣਾ ਇੰਚਾਰਜ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ ਵਿਚ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ। ਦਰਅਸਲ ਬਾਰਡਰ ਰੇਂਜ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਪੇਂਡੂ ਖੇਤਰਾਂ ਦੇ ਵੱਖ-ਵੱਖ ਥਾਣਿਆਂ ਦਾ ਅਚਾਨਕ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਰਾਜਾਸਾਂਸੀ ਪੁਲਿਸ ਸਟੇਸ਼ਨ ਵਿੱਚ ਗੰਭੀਰ ਲਾਪਰਵਾਹੀ ਪਾਈ ਗਈ।
ਰਿਪੋਰਟਾਂ ਮੁਤਾਬਕ ਜਦੋਂ ਡੀਆਈਜੀ ਰਾਜਾਸਾਂਸੀ ਪੁਲਿਸ ਸਟੇਸ਼ਨ ਪਹੁੰਚੇ, ਤਾਂ ਉੱਥੇ ਤਾਇਨਾਤ SHO ਪੰਜਾਬ ਪੁਲਿਸ ਵੱਲੋਂ ਲਗਾਏ ਗਏ ਵਿਸ਼ੇਸ਼ ਨਾਕੇ ਦੀ ਡਿਊਟੀ ਤੋਂ ਗਾਇਬ ਸੀ। ਸਥਿਤੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡੀਆਈਜੀ ਨੇ ਤੁਰੰਤ ਕਾਰਵਾਈ ਕੀਤੀ ਅਤੇ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ।
ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਸਪੱਸ਼ਟ ਕੀਤਾ ਕਿ ਡਿਊਟੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਪੁਲਿਸ ਦੀ ਮੁੱਢਲੀ ਜ਼ਿੰਮੇਵਾਰੀ ਜਨਤਾ ਦੀ ਰੱਖਿਆ ਕਰਨਾ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਹੈ ਅਤੇ ਇਸ ਲਈ, ਸਾਰੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ।
ਦੱਸਿਆ ਜਾ ਰਿਹਾ ਹੈ ਕਿ ਅਚਨਚੇਤ ਚੈਕਿੰਗ ਦੌਰਾਨ ਹੋਰ ਥਾਣਿਆਂ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਪੁਲਿਸ ਕਰਮਚਾਰੀਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਗਏ। ਵਿਭਾਗ ਨੇ ਕਿਹਾ ਕਿ ਪੁਲਿਸ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਜਵਾਬਦੇਹ ਬਣਾਉਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ।












