ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮੂਸੇਵਾਲਾ ਕਤਲ ਮਾਮਲੇ ‘ਚ ਕਾਰਵਾਈ ਤੇਜ਼ ਕਰਨ ਦੀ ਮੰਗ ਕੀਤੀ। ਮੰਤਰੀ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਦੇ ਦੌਰੇ ਤੋਂ ਹੁਣ ਵਿਹਲੇ ਹੋ ਗਏ ਹਨ। ਉਨ੍ਹਾਂ ਨਾਲ ਇਹ ਪੂਰਾ ਮਾਮਲਾ ਵਿਚਾਰ ਕੇ ਛੇਤੀ ਹੀ ਇਨਸਾਫ਼ ਲਈ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਲਈ ਰਹਿੰਦੇ ਕਾਰਜਾਂ ਨੂੰ ਛੇਤੀ ਨਿਬੇੜਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਛੇਤੀ ਹੀ ਪਿੰਡ ਮੂਸਾ ਆਉਣ ਦਾ ਵਾਅਦਾ ਕੀਤਾ ਹੈ। ਇਸ ਦੌਰਾਨ ਬਲਕੌਰ ਸਿੰਘ ਸਿੱਧੂ ਨੇ ਦੱਸਿਆ ਕਿ ਉਹ ਪੀਜੀਆਈ ਵਿੱਚ ਆਪਣਾ ਸਰੀਰਕ ਮੁਆਇਨਾ ਕਰਵਾਉਣ ਲਈ ਗਏ ਸਨ। ਉਥੋਂ ਆਉਂਦੇ ਹੀ ਕੈਬਨਿਟ ਮੰਤਰੀ ਨੂੰ ਅਚਾਨਕ ਮਿਲ ਗਏ, ਜੋ ਬਾਅਦ ਵਿੱਚ ਆਪਣੇ ਦਫ਼ਤਰ ਲੈ ਗਏ।












