ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਾ ਮਹਿਲ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਗਿਆ ਹੈ। ਵਿਸ਼ੇਸ਼ ਕਿਸਮ ਦੇ ਫੁੱਲਾਂ ਅਤੇ ਰੌਸ਼ਨੀਆਂ ਨਾਲ ਗੁਰਦੁਆਰਾ ਸਾਹਿਬ ਦੀ ਰੌਣਕ ਵੇਖਣ ਵਾਲੀ ਹੈ। ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕਾ ਮਹਿਲ ਅਤੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।
ਗੁਰਦੁਆਰਾ ਗੁਰੂ ਕਾ ਮਹਿਲ ਵਿਖੇ ਨਤਮਸਤਕ ਹੋਣ ਲਈ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚ ਰਹੀਆਂ ਹਨ। ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਪ੍ਰਕਾਸ਼ ਪੁਰਬ ਮੌਕੇ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਦਾ ਰਹੇਗਾ। ਗੁਰਦੁਆਰਾ ਸਾਹਿਬ ਵਿਖੇ ਸੇਵਾ ਨਿਭਾਅ ਰਹੇ ਬਾਬਾ ਸੇਵਾ ਸਿੰਘ, ਬਾਬਾ ਵਾਹਿਗੁਰੂ ਸਿੰਘ ਅਤੇ ਕਿਲਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸੰਗਤਾਂ ਲਈ ਵਿਸ਼ੇਸ਼ ਲੰਗਰ ਤਿਆਰ ਕੀਤੇ ਗਏ ਹਨ | ਇਹ ਅਟੁੱਟ ਲੰਗਰ ਤਿੰਨ ਦਿਨ ਚੱਲਦਾ ਹੈ। ਲੰਗਰ ਵਿੱਚ ਕਈ ਤਰ੍ਹਾਂ ਦੇ ਪਕਵਾਨ ਤਿਆਰ ਕੀਤੇ ਜਾਂਦੇ ਹਨ। ਲੱਡੂ, ਜਲੇਬੀਆਂ, ਖੀਰ, ਬਰਫ਼ੀ ਸਮੇਤ ਦਸ ਕਿਸਮ ਦੀਆਂ ਮਠਿਆਈਆਂ ਬਣਾਈਆਂ ਜਾ ਰਹੀਆਂ ਹਨ।












