ਚੰਡੀਗੜ੍ਹ: ਪੰਜਾਬ ਦੇ ਗ੍ਰਹਿ ਮੰਤਰਾਲੇ ਨੂੰ ਸੰਭਾਲ ਰਹੇ ਡਿਪਟੀ ਸੀਐਮ ਸੁਖਜਿੰਦਰ ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਚੋਣ ਕਮਿਸ਼ਨ ਦੇ ਅਧੀਨ ਹੈ ਨਾ ਕਿ ਕਾਂਗਰਸ ਪਾਰਟੀ ਦੇ। ਇਸ ਲਈ ਪ੍ਰਧਾਨ ਮੰਤਰੀ ਨੂੰ ਪੰਜਾਬ ਵਿਰੁੱਧ ਜ਼ਹਿਰ ਉਗਲਣਾ ਬੰਦ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਸੋਮਵਾਰ ਨੂੰ ਜਲੰਧਰ ਰੈਲੀ ‘ਚ ਕਿਹਾ ਸੀ ਕਿ ਉਹ ਸ਼੍ਰੀ ਦੇਵੀ ਤਾਲਾਬ ਮੰਦਰ ‘ਚ ਜਾਣਾ ਚਾਹੁੰਦੇ ਹਨ ਅਤੇ ਮਾਂ ਤ੍ਰਿਪੁਰਮਾਲਿਨੀ ਦੇ ਦਰਸ਼ਨ ਕਰਨਾ ਚਾਹੁੰਦੇ ਹਨ।
ਇਹ ਸੁਣ ਕੇ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਹੱਥ ਖੜ੍ਹੇ ਕਰ ਦਿੱਤੇ ਕਿ ਅਸੀਂ ਸੁਰੱਖਿਆ ਨਹੀਂ ਦੇ ਸਕਦੇ। ਪ੍ਰਧਾਨ ਮੰਤਰੀ ਨੇ ਹੱਸਦਿਆਂ ਕਿਹਾ ਕਿ ਇਹ ਪੰਜਾਬ ਦਾ ਹਾਲ ਹੈ। ਡਿਪਟੀ ਸੀਐਮ ਰੰਧਾਵਾ ਨੇ ਕਿਹਾ ਕਿ ਨਰਿੰਦਰ ਮੋਦੀ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੇ ਬਹਾਨੇ ਲੱਭਦੇ ਹਨ। ਕੱਲ੍ਹ ਦੀ ਰੈਲੀ ਵੀ ਕੋਈ ਵੱਖਰੀ ਨਹੀਂ ਸੀ। ਰੰਧਾਵਾ ਨੇ ਕਿਹਾ ਕਿ ਖੇਤੀ ਕਾਨੂੰਨ ਵਿਰੋਧੀ ਅੰਦੋਲਨ ਵਿੱਚ 700 ਕਿਸਾਨਾਂ ਨੇ ਆਪਣੀ ਜਾਨ ਗਵਾਈ। ਇਸ ਕਰਕੇ ਪੰਜਾਬੀ ਨਰਿੰਦਰ ਮੋਦੀ ਨੂੰ ਕਦੇ ਮੁਆਫ਼ ਨਹੀਂ ਕਰਨਗੇ।