ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜੀਐੱਨਡੀਯੂ ਦੇ ਮੁੱਖ ਗੇਟ ‘ਤੇ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਚੰਨੀ ਦਾ ਜ਼ਬਰਦਸਤ ਵਿਰੋਧ ਕੀਤਾ। ਅੰਮ੍ਰਿਤਸਰ ਦੇ ਵੱਖ-ਵੱਖ ਕਾਲਜਾਂ ਤੋਂ ਵੱਡੀ ਗਿਣਤੀ ‘ਚ ਅਧਿਆਪਕ ਇੱਥੇ ਆਏ ਸਨ। ਚੰਨੀ ਦੀ ਆਮਦ ਤੋਂ ਕੁੱਝ ਸਮਾਂ ਪਹਿਲਾਂ ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਅੰਮ੍ਰਿਤਸਰ ਦੀ ਅਗਵਾਈ ਹੇਠ ਜੀਐੱਨਡੀਯੂ ਦੇ ਮੁੱਖ ਗੇਟ ‘ਤੇ ਇਹ ਪ੍ਰਦਰਸ਼ਨਕਾਰੀਆ ਗਏ ਸਨ।
ਇਹ ਅਧਿਆਪਕ ਸੱਤਵੇਂ ਪੇ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਡੀ-ਲਿੰਕਿੰਗ ਬੰਦ ਕਰਨ ਸਮੇਤ ਕਈ ਹੋਰ ਮੰਗਾਂ ਨੂੰ ਲੈ ਕੇ ਲੜੀਵਾਰ ਭੁੱਖ ਹੜਤਾਲ ‘ਤੇ ਬੈਠੇ ਸਨ। ਮੁੱਖ ਮੰਤਰੀ ਦੇ ਆਉਂਦੇ ਹੀ ਉਨ੍ਹਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ਚੇਅਰਜ਼ ਦਾ ਉਦਘਾਟਨ ਕਰਨ ਪਹੁੰਚੇ ਸਨ।