ਦਿੱਲੀ ਦੇ ਜੰਤਰ-ਮੰਤਰ ‘ਤੇ ਦੇਸ਼ ਦੇ ਮਸ਼ਹੂਰ ਮਹਿਲਾ ਅਤੇ ਪੁਰਸ਼ ਪਹਿਲਵਾਨਾਂ ਦਾ ਧਰਨਾ ਪ੍ਰਦਰਸ਼ਨ ਫਿਰ ਤੋਂ ਸ਼ੁਰੂ ਹੋ ਗਿਆ ਹੈ। ਬਜਰੰਗ ਪੂਨੀਆ ਅਤੇ ਸਾਕਸ਼ੀ ਮਲਿਕ ਵਰਗੇ ਪਹਿਲਵਾਨਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਢਾਈ-ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਦੀ ਸ਼ਿਕਾਇਤ ‘ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੇ ਕਿਹਾ ਕਿ ਅਸੀਂ ਹਾਰ ਕੇ ਵਾਪਸ ਆਉਣ ਲਈ ਮਜਬੂਰ ਹੋ ਗਏ।
ਪਹਿਲਵਾਨਾਂ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਇੱਕ ਨਾਬਾਲਗ ਸਮੇਤ ਸੱਤ ਮਹਿਲਾ ਪਹਿਲਵਾਨਾਂ ਨੇ ਪਾਰਲੀਮੈਂਟ ਸਟਰੀਟ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਉਣ ਦੀ ਕੋਸ਼ਿਸ਼ ਕੀਤੀ, ਪਰ ਪੁਲੀਸ ਅਧਿਕਾਰੀਆਂ ਨੇ ਐਫਆਈਆਰ ਦਰਜ ਕਰਨ ਤੋਂ ਇਨਕਾਰ ਕਰ ਦਿੱਤਾ। ਦਿੱਲੀ ਮਹਿਲਾ ਕਮਿਸ਼ਨ ਨੇ ਵੀ ਪਹਿਲਵਾਨਾਂ ਦੀ ਸ਼ਿਕਾਇਤ ਦਾ ਨੋਟਿਸ ਲਿਆ ਹੈ। ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਦਿੱਲੀ ਪੁਲਿਸ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।












