ਚੰਡੀਗੜ੍ਹ: ਨਸ਼ਾ ਤਸਕਰੀ ਮਾਮਲੇ ‘ਚ ਸਿਆਸਤ ਭੱਖਦੀ ਜਾ ਰਹੀ ਹੈ। ਜਿੱਥੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਭਾਲ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਪਰ ਹਾਲੇ ਤਕ ਪੁਲਿਸ ਮਜੀਠੀਆ ਨੂੰ ਗ੍ਰਿਫਤਾਰ ਨਹੀਂ ਕਰ ਪਾਈ ਹੈ। ਸ੍ਰੀ ਦਰਬਾਰ ਸਾਹਿਬ ‘ਚ ਉਨ੍ਹਾਂ ਦੀ ਫੋਟੋ ਵਾਇਰਲ ਹੋਣ ਤੋਂ ਬਾਅਦ ਯੂਥ ਅਕਾਲੀ ਦਲ ਦਾ ਨਵਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਚੰਨੀ ਸਰਕਾਰ ‘ਤੇ ਲੋਕਾਂ ਨੂੰ ਗੁਮਰਾਹ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ।
ਯੂਥ ਅਕਾਲੀ ਦਲ ਨੇ ਫੇਸਬੁੱਕ ਉੱਪਰ ਪੋਸਟ ਪਾ ਕੇ ਲਿਖਿਆ ਹੈ ਕਿ ”ਪੰਜਾਬ ਦੇ ਲੋਕਾ ਨੂੰ ਗੁੰਮਰਾਹ ਕਰਨ ਵਾਲੇ ਕਾਂਗਰਸੀਆ ਨੂੰ ਸਪੱਸ਼ਟ ਦੱਸ ਦਿੱਤਾ ਹੈ ਕਿ ਬਿਕਰਮ ਸਿੰਘ ਮਜੀਠੀਆ ਮੈਦਾਨ ਵਿੱਚ ਨੇ ਤੇ ਉਹ ਪੰਜਾਬ ਵਿਚ ਜਨਤਕ ਤੌਰ ਤੇ ਵਿਚਰ ਰਹੇ ਹਨ। ਕਾਂਗਰਸੀਆ ਦੀ ਘਟੀਆ ਮਾਨਸਿਕਤਾ ਨੂੰ ਜਵਾਬ ਦਿੱਤਾ ਜੋ ਕਹਿੰਦੇ ਹਨ ਕਿ ਬਿਕਰਮ ਸਿੰਘ ਮਜੀਠੀਆ ਗੁੰਮਸ਼ੁਦਾ ਹਨ।” ਸ਼੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਣ ਦੀਆਂ ਤਸਵੀਰਾਂ ਸਾਹਮਣੇ ਆਉਣ ਮਗਰੋਂ ਹੁਣ ਅਗਲੇ ਤਿੰਨ ਦਿਨ ਸਰਕਾਰ ਲਈ ਵੱਡੀ ਚੁਣੌਤੀ ਹੈ। ਮਜੀਠੀਆ ਦੀ ਅਗਾਊਂ ਜ਼ਮਾਨਤ ‘ਤੇ ਹਾਈਕੋਰਟ ਵਿੱਚ 5 ਜਨਵਰੀ ਨੂੰ ਸੁਣਵਾਈ ਹੋਵੇਗੀ, ਸਰਕਾਰ ਇਸ ਤੋਂ ਪਹਿਲਾਂ ਮਜੀਠੀਆ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।