ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਗਈ ਇੱਕ ਮਹਿਲਾ ਬਿਜਲੀ ਦਾ ਕਰੰਟ ਦੀ ਲਪੇਟ ਵਿੱਚ ਆ ਗਈ। ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਆਇਆ ਉਸਦਾ 15 ਸਾਲਾ ਪੁੱਤਰ ਵੀ ਕਰੰਟ ਦੀ ਲਪੇਟ ਵਿੱਚ ਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ, ਜਦਕਿ ਮਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਗੋਬਿੰਦ ਸਿੰਘ (15 ਸਾਲ) ਵਜੋਂ ਹੋਈ ਹੈ, ਜਦਕਿ ਉਸਦੀ ਮਾਤਾ ਪਾਲੋ ਕੌਰ (38 ਸਾਲ) ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮਿਲੀ ਜਾਣਕਾਰੀ ਅਨੁਸਾਰ ਵਾਰਡ ਨੰਬਰ 14 ਵਿੱਚ ਘਰਾਂ ਦੀਆਂ ਛੱਤਾਂ ਉੱਪਰੋਂ 11 ਕੇਵੀ ਬਿਜਲੀ ਦੀਆਂ ਹਾਈ ਵੋਲਟੇਜ ਤਾਰਾਂ ਲੰਘ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪਾਲੋ ਕੌਰ ਘਰ ਦੀ ਛੱਤ ਉੱਪਰ ਕੱਪੜੇ ਪਾਉਣ ਲੱਗੀ ਤਾਂ ਇੱਕ ਕੱਪੜਾ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਿਆ, ਜਿਸ ਕਾਰਨ ਉਸਨੂੰ ਕਰੰਟ ਲੱਗ ਗਿਆ। ਮਾਂ ਨੂੰ ਮੁਸੀਬਤ ਵਿੱਚ ਦੇਖ ਕੇ ਉਸਦਾ ਪੁੱਤਰ ਗੋਬਿੰਦ ਸਿੰਘ ਉਸਨੂੰ ਬਚਾਉਣ ਲਈ ਅੱਗੇ ਵਧਿਆ, ਪਰ ਉਹ ਵੀ ਕਰੰਟ ਦੀ ਲਪੇਟ ਵਿੱਚ ਆ ਗਿਆ। ਇਸ ਹਾਦਸੇ ਤੋਂ ਬਾਅਦ ਦੋਵਾਂ ਨੂੰ ਲਹਿਰਾਗਾਗਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਗੋਬਿੰਦ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਉਸਦੀ ਮਾਂ ਦਾ ਇਲਾਜ ਜਾਰੀ ਹੈ।
ਇਸ ਘਟਨਾ ਤੋਂ ਬਾਅਦ ਵਾਰਡ ਵਾਸੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਵਾਰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਇਹ ਹਾਦਸਾ ਬਿਜਲੀ ਬੋਰਡ ਦੀ ਕਥਿਤ ਅਣਗਹਿਲੀ ਕਾਰਨ ਵਾਪਰਿਆ ਹੈ। ਉਨ੍ਹਾਂ ਕਿਹਾ ਕਿ ਰਿਹਾਇਸ਼ੀ ਮਕਾਨਾਂ ਦੀਆਂ ਛੱਤਾਂ ਉੱਪਰੋਂ 11 ਕੇਵੀ ਬਿਜਲੀ ਦੀਆਂ ਤਾਰਾਂ ਲੰਘ ਰਹੀਆਂ ਹਨ, ਜੋ ਲੋਕਾਂ ਦੀ ਜਾਨ ਲਈ ਖ਼ਤਰਾ ਬਣੀਆਂ ਹੋਈਆਂ ਹਨ। ਵਾਰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਗਰੀਬ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ ਅਤੇ ਇਸ ਹਾਦਸੇ ਲਈ ਜ਼ਿੰਮੇਵਾਰ ਪਾਏ ਜਾਣ ਵਾਲੇ ਬਿਜਲੀ ਬੋਰਡ ਦੇ ਅਧਿਕਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।












